ਸ਼ਾਹਕੋਟ: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਪੰਜਾਬ) ਜ਼ਿਲ੍ਹਾ ਜਲੰਧਰ ਦੇ ਸਕੱਤਰ ਅਵਤਾਰ ਲਾਲ ਅਤੇ ਵਿੱਤ ਸਕੱਤਰ ਗੁਰਮੁਖ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਲਈ ਸਾਲਾਨਾ ਪ੍ਰੀਖਿਆ ਦੀਆਂ ਫੀਸਾਂ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਜ਼ਿਆਦਾਤਰ ਗਰੀਬ ਬੱਚੇ ਪੜ੍ਹਦੇ ਹਨ। ਆਰਥਿਕ ਪੱਖੋ ਬੇਹੱਦ ਕਮਜ਼ੋਰ ਵਿਦਿਆਰਥੀਆਂ ਕੋਲੋਂ ਫੀਸਾਂ ਜਮ੍ਹਾਂ ਨਹੀਂ ਕਰਵਾ ਹੋਈਆਂ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਚੱਲਦਾ ਹੋਣ ਕਾਰਨ ਗਰੀਬ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਬੱਚੇ ਫੀਸਾਂ ਦੇਣ ਤੋਂ ਅਸਮਰੱਥ ਹਨ। ਉਨ੍ਹਾਂ ਦੀ ਸਥਿਤੀ ਨੂੰ ਸਮਝਦੇ ਹੋਏ ਫੀਸਾਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਿਚ 15 ਦਿਨ ਦਾ ਹੋਰ ਵਾਧਾ ਕੀਤਾ ਜਾਵੇ ਤਾਂ ਕਿ ਉਹ ਵਿਦਿਆਰਥੀ ਵੀ ਫੀਸਾਂ ਦਾ ਇੰਤਜ਼ਾਮ ਕਰਕੇ ਆਪਣੀ ਪੜ੍ਹਾਈ ਪੂਰੀ ਕਰ ਸਕਣ। -ਪੱਤਰ ਪ੍ਰੇਰਕ