DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ਤੇ ਅੰਮ੍ਰਿਤਸਰ ’ਚ ਗਣਤੰਤਰ ਦਿਵਸ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਜਲੰਧਰ ’ਚ ਕੌਮੀ ਝੰਡਾ
  • fb
  • twitter
  • whatsapp
  • whatsapp
Advertisement

ਹਤਿੰਦਰ ਮਹਿਤਾ

ਜਲੰਧਰ, 21 ਜਨਵਰੀ

Advertisement

ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਨਵਿਆਉਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਭਾਗੀਦਾਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਹਦਾਇਤਾਂ ਦਿੱਤੀਆਂ। ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਈ.ਟੀ.ਬੀ.ਪੀ., ਪੰਜਾਬ ਪੁਲੀਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮਗਾਰਡ, ਐਨ.ਸੀ.ਸੀ ਲੜਕੇ ਅਤੇ ਲੜਕੀਆਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਐੱਸ.ਡੀ. ਫੁੱਲਰਵਾਨ ਸਕੂਲ, ਪੁਲੀਸ ਡੀ.ਏ.ਵੀ. ਸਕੂਲ, ਡਿਪਸ ਸੂਰਾਨੁੱਸੀ, ਇਨੋਸੈਂਟ ਹਾਰਟ ਸਕੂਲ, ਨਿਊ ਸੇਂਟ ਸੋਲਜਰ ਸਕੂਲ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਮਾਨਵ ਸਹਿਯੋਗ ਸਕੂਲ, ਏ.ਪੀ.ਜੇ. ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ।

ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਏਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ ’ਚ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਏਡੀਜੀਪੀ ਅਤੇ ਪੁਲੀਸ ਕਮਿਸ਼ਨਰ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 21 ਜਨਵਰੀ

ਪੰਜਾਬ ਪੁਲੀਸ ਦੇ ਏਡੀਜੀਪੀ (ਟਰੈਫਿਕ) ਏ.ਐੱਸ. ਰਾਏ ਨੇ ਅੱਜ ਇਥੇ ਸ਼ਹਿਰ ਵਿੱਚ ਗਣਤੰਤਰ ਦਿਵਸ ਸਮਾਗਮ ਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਬੀਤੇ ਕੱਲ੍ਹ ਇੱਥੇ ਇਸ ਸਬੰਧੀ ਡੀਜੀਪੀ ਗੌਰਵ ਯਾਦਵ ਵੱਲੋਂ ਬਾਰਡਰ ਰੇਂਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਤੇ ਹੋਰਨਾਂ ਨਾਲ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਵੀ ਕੀਤੀ ਗਈ ਸੀ। ਏਡੀਜੀਪੀ ਨੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਅਧਿਕਾਰੀਆਂ ਨਾਲ ਇੱਥੇ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਹੋਵੇਗਾ। ਉਨ੍ਹਾਂ ਨੇ ਇਸਲਾਮਾਬਾਦ ਅਤੇ ਛੇਹਰਟਾ ਪੁਲੀਸ ਸਟੇਸ਼ਨ ਦਾ ਵੀ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਚੱਲ ਰਹੇ ਨਾਈਟ ਡੋਮੀਨੇਸ਼ਨ ਅਪਰੇਸ਼ਨ ਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਹੈ। ਏਡੀਜੀਪੀ ਰਾਏ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਮੌਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧ ਵਿੱਚ ਸਮਾਗਮ ਵਾਲੀ ਥਾਂ ’ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ ਅਤੇ ਸਮੁੱਚਾ ਸਮਾਗਮ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੀ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਸੰਬੰਧ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਡੀਜੀਪੀ ਵੱਲੋਂ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਅਤੇ ਅੱਜ ਗਰਾਊਂਡ ’ਤੇ ਜਾ ਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

ਉਨ੍ਹਾਂ ਦੱਸਿਆ ਕਿ ਥਾਣਾ ਛੇਹਰਟਾ ਅਤੇ ਇਸਲਾਮਾਬਾਦ ਵਿਖੇ ਕੈਮਰੇ ਸਿਸਟਮ, ਥਾਣਿਆਂ ਵਿੱਚ ਆਉਣ ਜਾਣ ਦੇ ਸਿਸਟਮ ਤੇ ਕੰਟਰੋਲ ਤੇ ਹੋਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਅੱਜ ਪੁਲੀਸ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ।

Advertisement
×