ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਮੁੜ ਵਸੇਬਾ ਯਤਨਾਂ ਦੀ ਸਮੀਖਿਆ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਮੁੜ ਵਸੇਬੇ ਦੇ ਯਤਨਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।
ਅੱਜ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਬਾਊਪੁਰ, ਸਾਂਗਰਾ ਤੇ ਮੁਹੰਮਦਾਬਾਦ ਆਦਿ ਪਿੰਡਾਂ ’ਚ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ, ਜਿਸ ਲਈ ਮਾਲ ਵਿਭਾਗ ਵੱਲੋਂ ਮਾਰੀਆਂ ਗਈਆਂ ਫਸਲਾਂ ਤੇ ਨੁਕਸਾਨੇ ਗਏ ਘਰਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਮਾਰੇ ਗਏ ਪਸ਼ੂਆਂ ਬਾਰੇ ਅੰਕੜੇ ਇਕੱਤਰ ਕੀਤੇ ਜਾ ਰਹੇ ਹਨ।
ਮੰਤਰੀ ਨੇ ਕਿਹਾ ਕਿ ਦੀਵਾਲੀ ਤੱਕ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਨੇ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਨੂੰ 6800 ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬਿਮਾਰੀਆਂ ਦੀ ਰੋਕਥਾਮ ਸੀ ਜਿਸ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚਮੜੀ, ਪੇਟ ਸਬੰਧੀ ਰੋਗ ਤੋਂ ਬਚਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੜ੍ਹ ਕਾਰਨ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੀ ਕਾਊਂਸਲਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਐੱਸ ਐੱਸ ਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਐੱਸ ਡੀ ਐੱਮ ਅਲਕਾ ਕਾਲੀਆ ਤੇ ਹੋਰ ਹਾਜ਼ਰ ਸਨ।
ਪਿੰਡ ਸੇਖੇ ਵਿੱਚ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਉਦਘਾਟਨ
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਇਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਬਲਕਾਰ ਸਿੰਘ ਨੇ ਅੱਜ ਜਲੰਧਰ ਦੇ ਪਿੰਡ ਸੇਖੇ ਵਿੱਚ ਨਵੇਂ ਮੁਰੰਮਤ ਕੀਤੇ ਗਏ ਮਾਡਲ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਉਦਘਾਟਨ ਕੀਤਾ। 1.13 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਇਸ ਕੇਂਦਰ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਨਾਲ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਵਿਆਪਕ ਇਲਾਜ ਅਤੇ ਪੁਨਰਵਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਨਾ ਸਿਰਫ਼ ਡਾਕਟਰੀ ਇਲਾਜ ’ਤੇ ਧਿਆਨ ਕੇਂਦਰਿਤ ਕਰੇਗਾ ਬਲਕਿ ਕੈਦੀਆਂ ਨੂੰ ਦਿਨ ਭਰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ’ਤੇ ਵੀ ਧਿਆਨ ਕੇਂਦਰਿਤ ਕਰੇਗਾ।
ਡਾ. ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਮਾਰਚ 2025 ਤੋਂ, 18,000 ਤੋਂ ਵੱਧ ਵਿਅਕਤੀਆਂ ਨੇ ਨਸ਼ੇ ਦੀ ਲਤ ’ਤੇ ਕਾਬੂ ਪਾਇਆ ਹੈ, ਜਿਸ ਵਿੱਚ 6,000 ਤੋਂ ਵੱਧ ਲੋਕਾਂ ਨੇ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਮੌਕੇ ਪ੍ਰਾਪਤ ਕੀਤੇ ਹਨ। ਡਾ. ਵਿਕਰਮਜੀਤ ਸਿੰਘ ਸਾਹਨੀ ਸੰਸਦ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ ਜਾਵੇਗਾ।ਇਸ ਵਿੱਚ ਚਾਰ ਨਵੇਂ ਕੇਂਦਰ ਸਥਾਪਤ ਕੀਤੇ ਜਾਣਗੇ ਅਤੇ 19 ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਨਵੇਂ ਕੇਂਦਰ ਵਿੱਚ 300 ਤੋਂ ਵੱਧ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰਨਗੇ।