ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਗਸਤ
ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ‘ਆਪ’ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਾਮ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ 29 ਅਗਸਤ ਨੂੰ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਖੇਡ ਤੇ ਸਭਿਆਚਾਰਕ ਸਰਗਰਮੀਆਂ ਦੀ ਸਮੀਖਿਆ ਕੀਤੀ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਕਰਨਗੇ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਖੇਡਾਂ ਦੀ ਜਲੰਧਰ ਤੋਂ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਖੇਡਾਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਅਹਿਮ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪੂਰਨ ਤਵੱਜੋਂ ਦੇ ਕੇ ਮਜ਼ਬੂਤ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਪੰਜਾਬੀ ਨੌਜਵਾਨ ਰਾਜ ਪੱਧਰ ਤੋਂ ਬਾਅਦ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੁਸ਼ਨਾਉਣਗੇ। ਇਸ ਮਗਰੋਂ ਖੇਡ ਮੰਤਰੀ ਨੇ ਅਧਿਕਾਰੀਆਂ ਸਮੇਤ ਸਟੇਡੀਅਮ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਗਾਇਕ ਨੂਰਾਂ ਸਿਸਟਰਜ਼, ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਆਪਣੇ ਗੀਤਾਂ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਕਰਨਗੇ।