ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 28 ਫਰਵਰੀ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ ਦਾਣਾ ਮੰਡੀ ਚੌਲਾਂਗ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸਮਰਾ ਦੀ ਅਗਵਾਈ ਵਿੱਚ ਹੋਈ ਇਸ ਕਨਵੈਨਸ਼ਨ ’ਚ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਦੇਸ਼-ਵਿਆਪੀ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਦੀ ਜਥੇਬੰਦੀ ਦੀ ਭੂਮਿਕਾ ਪ੍ਰਤੀ ਵਿਚਾਰਾਂ ਕਰਦੇ ਹੋਏ ਕਿਹਾ ਕਿ ਇਹ ਦੁਨੀਆ ਦੇ ਇਤਿਹਾਸ ਵਿੱਚ ਅਜਿਹਾ ਇਤਿਹਾਸਕ ਸਫਲ ਅੰਦੋਲਨ ਸੀ ਜਿਸ ਵਿੱਚ ਹਰੇਕ ਵਰਗ ਨੇ ਕਿਸਾਨੀ ਦਾ ਸਾਥ ਦਿੱਤਾ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਲਗਾਤਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਅਤੇ ਸੰਘਰਸ਼ਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਦੋਆਬੇ ਵਿੱਚ ਜਥੇਬੰਦੀ ਦੀ ਮਜ਼ਬੂਤੀ ਲਈ ਵਿਸ਼ੇਸ਼ ਉੱਦਮ ਕੀਤੇ ਜਾ ਰਹੇ ਹਨ। ਕਨਵੈਨਸ਼ਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਬਣਾ ਕੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੀਆਂ ਕਿਸਾਨ ਜਥੇਬੰਦੀਆਂ ਦਾ ਬਹੁਤ ਥੋੜ੍ਹੇ ਲੋਕਾਂ ਨੇ ਸਾਥ ਦਿੱਤਾ ਅਤੇ ਕਿਸਾਨਾਂ ਦਾ ਵੱਡਾ ਹਿੱਸਾ ਇਸ ਮੋਰਚੇ ਤੋਂ ਲਾਂਭੇ ਹੀ ਰਿਹਾ ਅਤੇ ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਅਪਰੈਲ ਮਹੀਨੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੋਣਾਂ ’ਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।
ਇਸ ਮੌਕੇ ਭੁਪਿੰਦਰ ਸਿੰਘ ਭੰਗੂ, ਕਮਲਜੀਤ ਸਿੰਘ ਜਹੂਰਾ, ਮੀਡੀਆ ਸਲਾਹਕਾਰ ਚਰਨਜੀਤ ਸੋਨੂ, ਮਨਦੀਪ ਸਿੰਘ, ਸਕੱਤਰ ਸਿੰਘ ਅਤੇ ਸਰਪੰਚ ਅਸ਼ਵਨੀ ਕੁਮਾਰ ਵੀ ਹਾਜ਼ਰ ਸਨ।