ਪੱਤਰ ਪ੍ਰੇਰਕ
ਨਵਾਂਸ਼ਹਿਰ, 27 ਅਪਰੈਲ
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਨਸ਼ਿਆਂ ਦੀ ਵੱਡੀ ਖ਼ੇਪ ਬਾਰੇ ਸੂਚਨਾ ਦੇਣ ਵਾਲੇ ਨੂੰ 51000 ਰੁਪਏ ਦਾ ਨਗਦ ਇਨਾਮ ਦਾ ਐਲਾਨ ਕੀਤਾ। ਇਹ ਇਨਾਮ ਨਸ਼ਿਆਂ ਦੀ ਦੱਸੀ ਗਈ ਖ਼ੇਪ ਦੀ ਬਰਾਮਦਗੀ ਉਪਰੰਤ ਹੀ ਮਿਲੇਗਾ। ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਪੁਲੀਸ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਪੁਲੀਸ ਹਰੇਕ ਸੂਚਨਾ ’ਤੇ ਕਾਰਵਾਈ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਦਫ਼ਤਰ ਵੱਲੋਂ ਇਸ ਸਬੰਧੀ ਇੱਕ ਹੈਲਪਲਾਈਨ ਨੰਬਰ ਆਮ ਲੋਕਾਂ ਲਈ ਨਸ਼ਰ ਕੀਤਾ ਜਾਵੇਗਾ।