DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਰ ਐੱਮ ਪੀ ਆਈ ਵੱਲੋਂ ਮਹਿੰਗਾਈ ਦੇ ਵਿਰੋਧ ਵਿੱਚ ਮੁਜ਼ਾਹਰੇ

ਮੋਦੀ ਸਰਕਾਰ ਦੇ ਪੁਤਲੇ ਫੂਕੇ; ਰੁਜ਼ਗਾਰ ਦੇਣ ਦੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਅਟਾਰੀ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਖੱਬੇਪੱਖੀ ਕਾਰਕੁਨ।
Advertisement

ਅੰਮ੍ਰਿਤਸਰ/ਭਿੱਖੀਵਿੰਡ/ਤਰਨ ਤਾਰਨ (ਜਗਤਾਰ ਲਾਂਬਾ/ਗੁਰਬਖ਼ਸ਼ਪੁਰੀ/ਰਣਬੀਰ ਸਿੰਘ): ਦੇਸ਼ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਦੇ ਪੁਤਲੇ ਫੂਕੇ ਅਤੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਿੱਖੀਵਿੰਡ ਦੇ ਬਾਜ਼ਾਰਾਂ ਵਿੱਚ ਹਰਜਿੰਦਰ ਸਿੰਘ ਚੂੰਘ ਅਤੇ ਸਵਿੰਦਰ ਸਿੰਘ ਚੱਕ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਹਾਲੀਆ ਸਮੇਂ ਦੌਰਾਨ ਖਾਣ-ਪੀਣ ਦੀਆਂ ਵਸਤਾਂ, ਤੇਲ ਅਤੇ ਖ਼ਾਸ ਕਰ ਖੰਡ ਤੇ ਗੁੜ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਮੁਕਰ ਚੁੱਕੀ ਹੈ ਅਤੇ ਉਲਟਾ ਕੰਮ ਦਾ ਸਮਾਂ ਵਧਾ ਕੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੀ ਹੈ। ਮੋਦੀ ਸਰਕਾਰ ਮਿੱਲ ਮਾਲਕਾਂ ਅਤੇ ਕਾਲਾਬਾਜ਼ਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਜਾਣ-ਬੁੱਝ ਕੇ ਅੱਖਾਂ ਬੰਦ ਕਰੀ ਬੈਠੀ ਹੈ, ਜਿਸ ਕਾਰਨ ਮਿਹਨਤਕਸ਼ ਲੋਕ ਚੱਕੀ ਦੇ ਦੋ ਪੁੜਾਂ ਵਿਚਕਾਰ ਪਿਸ ਰਹੇ ਹਨ।

ਇਸੇ ਤਰ੍ਹਾਂ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਜਿਵੇਂ ਬਾਗੜੀਆਂ, ਰਸੂਲਪੁਰ, ਕੰਗ, ਕੱਲਾ, ਅਲਾਦੀਨਪੁਰ, ਚੁਤਾਲਾ, ਸ਼ੇਰੋਂ ਅਤੇ ਨੌਸ਼ਹਿਰਾ ਪੰਨੂਆਂ ਆਦਿ ਵਿੱਚ ਪਾਰਟੀ ਦੇ ਸੂਬਾ ਆਗੂ ਬਲਦੇਵ ਸਿੰਘ ਪੰਡੋਰੀ, ਜਰਨੈਲ ਸਿੰਘ ਰਸੂਲਪੁਰ ਅਤੇ ਦਲਬੀਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਆਗੂਆਂ ਨੇ ਕਿਹਾ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਖੰਡ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਏ ਬੇਕਾਬੂ ਵਾਧੇ ਨੇ ਗ਼ਰੀਬ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਹੈ। ਇਸੇ ਤਰ੍ਹਾਂ, ਅਟਾਰੀ ਦੇ ਬਾਜ਼ਾਰਾਂ ਵਿੱਚ ਆਰ ਐੱਮ ਪੀ ਆਈ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਸਾਂਝੇ ਸੱਦੇ ’ਤੇ ਸਰਦਾਰ ਸ਼ਾਮ ਸਿੰਘ ਅਟਾਰੀ ਪਾਰਕ ਵਿੱਚ ਭਾਰੀ ਇਕੱਠ ਕੀਤਾ ਗਿਆ। ਕਾ. ਰਤਨ ਸਿੰਘ ਰੰਧਾਵਾ, ਬਾਬਾ ਅਰਜੁਨ ਸਿੰਘ ਅਤੇ ਮੁਖਤਾਰ ਸਿੰਘ ਮੁਹਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖਾਣ ਵਾਲੀਆਂ ਵਸਤਾਂ ਦੇ ਭਾਅ ਵਧਾ ਕੇ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕ ਮਹਿੰਗਾਈ ਅਤੇ ਗ਼ਰੀਬ ਮਾਰੂ ਨੀਤੀਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

Advertisement

Advertisement

ਕੇਂਦਰ ਦੀਆਂ ਨੀਤੀਆਂ ਦਾ ਵਿਰੋਧ; ਨਾਅਰੇਬਾਜ਼ੀ ਕੀਤੀ

ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਪੰਜਾਬ ਇਕਾਈ ਵੱਲੋਂ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਪਿੰਡ ਤੁੜ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰੇ ਦੀ ਅਗਵਾਈ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁਸ਼ਕਲ ਬਣਾ ਦਿੱਤਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਦੋਸ਼ ਲਾਇਆ ਕਿ ਉਹ ਮਹਿੰਗਾਈ ਕਾਬੂ ਕਰਨ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਆਮ ਆਦਮੀ ਦਾ ਬਜਟ ਵਿਗੜ ਗਿਆ ਹੈ। ਇਸ ਮੌਕੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬੱਗੂ ਅਤੇ ਸਕੱਤਰ ਸਲੱਖਣ ਸਿੰਘ ਤੁੜ ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕਰਨ ਅਤੇ ਰਾਹਤ ਲਈ ਆਵਾਜ਼ ਬੁਲੰਦ ਕਰਨ ਲਈ ਪਿੰਡ-ਪਿੰਡ ਮੁਹਿੰਮ ਚਲਾ ਰਹੀ ਹੈ। ਇਸ ਮੌਕੇ ਮਹਿੰਗਾਈ ਵਧਾਉਣ ਵਾਲੀ ਕੇਂਦਰ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਜੰਗਬਹਾਦਰ ਸਿੰਘ ਤੁੜ, ਨਰਿੰਦਰ ਸਿੰਘ ਤੁੜ, ਇੰਦਰ ਸਿੰਘ, ਨਛੱਤਰ ਸਿੰਘ, ਕਸਮੀਰ ਸਿੰਘ ਫੌਜੀ, ਸੰਤੋਖ ਸਿੰਘ ਅਤੇ ਮੈਂਬਰ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਘੱਟ ਕਰਕੇ ਲੋਕਾਂ ਨੂੰ ਰਾਹਤ ਦੇਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਵੱਲੋਂ ਇੱਕ ਮੰਗ ਪੱਤਰ ਵੀ ਸਬੰਧਤ ਅਧਿਕਾਰੀਆਂ ਨੂੰ ਭੇਜਣ ਦਾ ਐਲਾਨ ਕੀਤਾ ਗਿਆ। ਮੁਜ਼ਾਹਰੇ ਵਿੱਚ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਅਤੇ ਪਾਰਟੀ ਕਾਰਕੁਨਾਂ ਨੇ ਸ਼ਿਰਕਤ ਕੀਤੀ।

Advertisement
×