ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਨਵੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੌਜੂਦਾ ਰਾਜਸੀ ਹਾਲਾਤ ਵਿੱਚ ਪਾਰਟੀ ਦੀ ਕਾਰਜ ਨੀਤੀ ਤੋਂ ਜਾਣੂ ਕਰਵਾਉਣ ਲਈ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ ਨੇ ਵੀ ਸੰਬੋਧਨ ਕੀਤਾ। ਰਾਜ ਕਮੇਟੀ ਦੇ ਐਕਟਿੰਗ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਆਉਂਦੀ 26 ਨਵੰਬਰ ਨੂੰ ਦੂਜੇ ਵਰ੍ਹੇ ਵਿੱਚ ਪ੍ਰਵੇਸ਼ ਕਰਨ ਜਾ ਰਹੇ ਕਿਸਾਨ ਅੰਦੋਲਨ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਵਾਸੀਆਂ ਨੂੰ ਸੰਗਰਾਮੀ ਮੁਬਾਰਕਾਂ ਪੇਸ਼ ਕਰਦਿਆਂ ਇਸ ਸੰਘਰਸ਼ ਦੀ ਕਾਮਯਾਬੀ ਲਈ ਦਿਨ-ਰਾਤ ਇੱਕ ਕਰਨ ਦਾ ਸੰਕਲਪ ਦੁਹਰਾਇਆ ਗਿਆ। ਇਸੇ ਦੌਰਾਨ ਸੂਬੇ ਦੇ ਜਨ ਸੰਗਠਨਾਂ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਲੋਕ ਏਜੰਡਾ ਬਣਾਉਣ ਦੇ ਉਦੇਸ਼ ਤਹਿਤ ‘ਪੰਜਾਬ ਬਚਾਓ ਸੰਯੁਕਤ ਮੋਰਚਾ’ ਦਾ ਗਠਨ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਕੀਕੀ ਲੋਕ ਮੰਗਾਂ ’ਤੇ ਆਧਾਰਿਤ 15 ਨੁਕਾਤੀ ਮੰਗ ਪੱਤਰ ਲਾਗੂ ਕਰਵਾਉਣ ਲਈ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ‘ਕਾਰਪੋਰੇਟ ਭਜਾਓ, ਦੇਸ਼ ਬਚਾਓ, ਪੰਜਾਬ ਬਚਾਓ’ ਮਹਾਰੈਲੀ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ।