ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਅਪਰੈਲ
ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਰੁਝਾਨ ਖਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੀਲਡ ਸਟਾਫ਼ ਪਾਸੋਂ ਪੁਸ਼ਟੀ ਉਪਰੰਤ ਦੋ ਮਾਮਲਿਆਂ ਵਿੱਚ 5000 ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ ਜਦਕਿ ਪੰਜ ਮਾਮਲਿਆਂ ਵਿੱਚ ਪੁਸ਼ਟੀ ਲਈ ਮੌਕੇ ਦਾ ਦੌਰਾ ਕੀਤਾ ਜਾਣਾ ਬਾਕੀ ਹੈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਥਾਰਟੀ ਵੱਲੋਂ ਆਈ.ਈ.ਸੀ. ਮੁਹਿੰਮ ਤੋਂ ਲੈ ਕੇ ਇਨਫੋਰਸਮੈਂਟ ਮੁਹਿੰਮ ਤੱਕ ਬਹੁ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਅੱਗ ਲੱਗਣ ਦੀਆਂ 268 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 12 ਮਾਮਲੇ ਜਲੰਧਰ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਫੀਲਡ ਸਟਾਫ਼ ਵੱਲੋਂ ਸੱਤ ਮਾਮਲਿਆਂ ਵਿੱਚ ਮੌਕੇ ਦਾ ਦੌਰਾ ਕੀਤਾ ਗਿਆ ਅਤੇ ਸਿਰਫ਼ ਦੋ ਮਾਮਲਿਆਂ ਵਿੱਚ ਹੀ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੀ ਪੁਸ਼ਟੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਨਗਰ ਅਤੇ ਪਿੰਡ ਸਰਨਾਣਾ ਵਿੱਚ ਸਾਹਮਣੇ ਆਏ ਦੋਵਾਂ ਕੇਸਾਂ ਵਿੱਚ 2500-2500 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅਜਿਹੇ ਹਰੇਕ ਮਾਮਲੇ ਦੀ ਮੌਕੇ ’ਤੇ ਜਾ ਕੇ ਪੁਸ਼ਟੀ ਨੂੰ ਯਕੀਨੀ ਬਣਾਉਂਦੇ ਹੋਏ ਅਜਿਹੀਆਂ ਘਟਨਾਵਾ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਕੀਤੀਆਂ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੇ ਰੁਝਾਨ ਤੋਂ ਰੋਕਣ ਲਈ ਜਾਗਰੂਕ ਕਰਨ ਵਾਸਤੇ ਬਹੁ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ।