ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਜਲੰਧਰ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੌਮੀ ਪਾਰਟੀਆਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ ਕੌਮੀ ਪਾਰਟੀਆਂ ਨੇ ਕਦੇ ਵੀ ਪੰਜਾਬ ਨਾਲ ਇਨਸਾਫ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੱਕਾਰੀ ਕਰਨਾ ਕਾਂਗਰਸ ਦੇ ਡੀਐੱਨਏ ਵਿੱਚ ਸ਼ਾਮਲ ਹੈ। ਉਨ੍ਹਾਂ ਕਾਂਗਰਸ ਦੇ ਨਾਲ ਹੀ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਇੱਕੋ ਥੈਲੀ ਦੇ ਚੱਟੇ ਵੱਟੇ ਦੱਸਦਿਆਂ ਕਿਹਾ ਕਿ ਨਸ਼ਿਆਂ ਬਾਰੇ ਦੋਵੇਂ ਕੌਮੀ ਪਾਰਟੀਆਂ ਦੇ ਮੂੰਹ ਨੂੰ ਜਿੰਦਰਾ ਵੱਜ ਗਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਮੁਦਰਾ ਬੰਦਰਗਾਹ ਤੋਂ ਹਜ਼ਾਰਾਂ ਕਰੋੜਾਂ ਦਾ ਨਸ਼ਾ ਫੜਿਆ ਗਿਆ ਪਰ ਉਸ ਦਾ ਕਿਧਰੇ ਜ਼ਿਕਰ ਨਹੀਂ ਕੀਤਾ ਜਾਂਦਾ। ਇਸੇ ਤਰ੍ਹਾਂ ‘ਆਪ’ ਨੇ ਦੋ ਮਹੀਨਿਆਂ ਵਿੱਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ। ਕੇਪੀ ਨੇ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਨਸ਼ੇ ਬੰਦ ਕਰਵਾ ਸਕੀ ਤੇ ਨਾ ਹੀ ‘ਆਪ’ ਦੀ ਸੂਬਾ ਸਰਕਾਰ। ਉਨ੍ਹਾਂ ਕਿਹਾ ਕਿ ਭਾਜਪਾ, ‘ਆਪ’ ਅਤੇ ਕਾਂਗਰਸ ਦੀਆਂ ਨਜ਼ਰਾਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਟਿਕੀਆਂ ਹੋਈਆਂ ਹਨ। ਮਹਿੰਦਰ ਸਿੰਘ ਕੇਪੀ ਨੇ ਪਿੰਡਾਂ ਵਿੱਚ ਚੋਣ ਮੀਟਿੰਗਾਂ ’ਚ ਕਿਹਾ ਕਿ ਧਰਤੀ ਹੇਠਲਾ ਪਾਣੀ ਅਸਲ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਧਰਤੀ ਮਾਂ ਦੀ ਗੋਦ ਵਿੱਚ ਜਮ੍ਹਾਂ ਕਰਵਾਈ ਐੱਫਡੀ ਹੀ ਹੈ।