ਪੱਤਰ ਪ੍ਰੇਰਕ
ਹੁਸ਼ਿਆਰਪੁਰ, 15 ਸਤੰਬਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਏ ਬਹੁਕਰੋੜੀ ਘੋਟਾਲੇ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ‘ਦਲਿਤ ਵਿਦਿਆਰਥੀ ਬਚਾਓ’ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਯਾਤਰਾ ਦੇ ਪਹਿਲੇ ਪੜਾਅ ਦਾ ਐਲਾਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 16 ਸਤੰਬਰ ਨੂੰ ਜ਼ਿਲ੍ਹੇ ਦੇ ਇਤਿਹਾਸਕ ਗੁਰਦੁਆਰਾ ਖੁਰਾਲਗੜ੍ਹ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲੈਣ ਉਪਰੰਤ ਸਵੇਰੇ 9 ਵਜੇ ਯਾਤਰਾ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਇਹ ਯਾਤਰਾ ਪਿੰਡ ਬਰਨਾਲ ਕਲਾਂ ਵਿਖੇ ਸਮਾਪਤ ਹੋਵੇਗੀ। 17 ਸਤੰਬਰ ਨੂੰ ਜਲੰਧਰ ਦੇ ਲੰਮਾ ਪਿੰਡ ਤੋਂ ਸਵੇਰੇ 9 ਵਜੇ ਯਾਤਰਾ ਸ਼ੁਰੂ ਹੋਵੇਗੀ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਬੂਟਾ ਮੰਡੀ ਵਿਖੇ ਸਮਾਪਤ ਹੋਵੇਗੀ। ਇਸੇ ਤਰ੍ਹਾਂ 18 ਸਤੰਬਰ ਨੂੰ ਪਿੰਡ ਰਾਣੀਪੁਰ ਫ਼ਗਵਾੜਾ ਤੋਂ ਅਤੇ 19 ਸਤੰਬਰ ਨੂੰ ਪਿੰਡ ਵੇਰਕਾ ਹਲਕਾ ਫ਼ਿਲੌਰ ਤੋਂ ਇਹ ਯਾਤਰਾ ਕੱਢੀ ਜਾਵੇਗੀ।
ਸ੍ਰੀ ਬੈਂਸ ਨੇ ਡੀਏਵੀ ਬੀ.ਐਡ ਕਾਲਜ ਹੁਸ਼ਿਆਰਪੁਰ ਦੇ ਦਲਿਤ ਵਿਦਿਆਰਥੀਆਂ ਨੂੰ ਮੈਨੇਜਮੈਂਟ ਵਲੋਂ ਰੋਲ ਨੰਬਰ ਜਾਰੀ ਨਾ ਕਰਨ ਬਾਰੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਇਸ ਮਾਮਲੇ ’ਚ ਦਖਲ ਦੇ ਕੇ ਇਸ ਨੂੰ ਹੱਲ ਕਰਨ ਦੀ ਅਪੀਲ ਕੀਤੀ। ਸ੍ਰੀ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਪੈਸੇ ਜਾਰੀ ਕੀਤੇ ਪਰ ਸੂਬਾ ਸਰਕਾਰ ਦੇ ਮੰਤਰੀਆਂ ਅਤੇ ਅਫ਼ਸਰਸ਼ਾਹੀ ਨੇ ਘਪਲਾ ਕਰਕੇ ਵਿਦਿਆਰਥੀਆਂ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਨਸਾਫ਼ ਦਵਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।