ਪਾਲ ਸਿੰਘ ਨੌਲੀ
ਜਲੰਧਰ, 11 ਜੂਨ
ਆਮ ਆਦਮੀ ਪਾਰਟੀ ਨੇ ਸੂਬੇ ਦੇ ਐੱਸਸੀਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਇੱਥੋਂ ਦੇ ਡਾ. ਅੰਬੇਡਕਰ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ’ਤੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਪੀੜਤ ਦਲਿਤ ਵਿਦਿਆਰਥੀਆਂ ਦੀ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਮਦਦ ਲਈ ਹੈਲਪਲਾਈਨ ਨੰਬਰ 7827273487 ਵੀ ਜਾਰੀ ਕੀਤਾ।
ਆਪ ਦੀ ਲੀਡਰਸ਼ਿਪ ਨੇ ਡਾ. ਅੰਬੇਡਕਰ ਚੌਕ ਵਿੱਚ ਸਿਖ਼ਰ ਦੁਪਹਿਰੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਪਾਰਟੀ ਵਿਧਾਇਕਾਂ ਤੇ ਵਰਕਰਾਂ ਨੇ ਹੱਥਾਂ ਵਿੱਚ ਫੜੀਆਂ ਤਖਤੀਆਂ ’ਤੇ ਕਾਂਗਰਸ ਸਰਕਾਰ ਵਿਰੁੱਧ ਨਾਅਰੇ ਲਿਖੇ ਹੋਏ ਸਨ ਜਿਨ੍ਹਾਂ ਨੂੰ ‘ਆਪ’ ਦੇ ਆਗੂ ਵਾਰ-ਵਾਰ ਦੁਹਰਾ ਰਹੇ ਸਨ। ‘ਗਲੀ-ਗਲੀ ਵਿੱਚ ਸ਼ੋਰ ਹੈ, ਕੈਪਟਨ ਦਾ ਸਾਧੂ ਚੋਰ ਹੈ’ ਆਦਿ ਨਾਅਰੇ ਗੂੰਜਦੇ ਰਹੇ। ਆਪ ਨੇ ਚੌਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ। ਉਨ੍ਹਾਂ ਦਲਿਤ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਇਆ ਜਾਵੇ।
ਜ਼ਿਕਰਯੋਗ ਹੈ ਕਿ ਤਿੰਨ ਸਾਲਾਂ ਦਾ 1850 ਕਰੋੜ ਦਾ ਬਕਾਇਆ ਨਾ ਆਉਣ ਕਾਰਨ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੇਏਸੀ) ਨੇ ਕਿਹਾ ਹੈ ਕਿ ਦੋ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ। ਵਿਧਾਇਕਾ ਬਲਜਿੰਦਰ ਕੌਰ ਨੇ ਐੱਸਸੀ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਵਿੱਚ ਘੁਟਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ।
‘ਆਪ’ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐੱਸਸੀਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿੱਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ।
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਬਲਵੰਤ ਭਾਟੀਆ, ਤਰਨਦੀਪ ਸੰਨੀ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।
ਕਰੋਨਾ ਦੀ ਨਹੀਂ ਕੀਤੀ ਪ੍ਰਵਾਹ
ਆਪ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਰਹੀਆਂ। ਬਹੁਤੇ ਆਗੂਆਂ ਨੇ ਨਾ ਮਾਸਕ ਪਾਏ ਹੋਏ ਸਨ ਤੇ ਨਾ ਹੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਰਾਜਸੀ ਇੱਕਠ ਕਰਨ ’ਤੇ ਪਾਬੰਦੀ ਲਾਈ ਹੋਈ ਹੈ। ਪੁਲੀਸ ਮੂਕ ਦਰਸ਼ਕ ਬਣ ਕੇ ਸਾਰਾ ਕੁਝ ਦੇਖਦੀ ਰਹੀ। ਰੋਸ ਪ੍ਰਦਰਸ਼ਨ ਕਾਰਨ ਲੱਗੇ ਜਾਮ ਵਿੱਚ ਕਈ ਐਬੂਲੈਂਸਾਂ ਵੀ ਫਸੀਆਂ ਰਹੀਆ ਜਿਨ੍ਹਾਂ ਨੂੰ ਕੱਢਣ ਵਿੱਚ ਪੁਲੀਸ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।