ਮੁਠੱਡਾ ਦੀ ਬਰਸੀ ਮੌਕੇ ਵਿਗਿਆਨਕ ਚੇਤਨਾ ਕੇਂਦਰ ਲੋਕਾਂ ਨੂੰ ਸਮਰਪਿਤ
ਸ਼ਹੀਦ ਡਾ. ਗੁਰਦਿਆਲ ਸਿੰਘ ਮੁਠੱਡਾ ਦੀ 38ਵੀਂ ਬਰਸੀ ਮੌਕੇ ਅੱਜ ਪਿੰਡ ਮੁਠੱਡਾ ਕਲਾਂ ਵਿਖੇ ਇੱਕ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਣ ਸਿੰਘ ਨੇ ਕਿਹਾ ਕਿ ਇਤਿਹਾਸ ‘ਚ ਨਾਮਧਾਰੀਆਂ ਵਲੋਂ ਦੇਸ਼ ਦੀ ਆਜ਼ਾਦੀ ‘ਚ ਵੱਡਾ ਯੋਗਦਾਨ ਪਾਇਆ ਗਿਆ। ਜਿਸ ਦੌਰਾਨ ਸ਼ਹੀਦ ਭਗਤ ਸਿੰਘ ਨੇ ਮੁਠੱਡਾ ਕਲਾਂ ‘ਚ ਪਹਿਲੀ ਵਾਰ ਆਪਣੀ ਜ਼ਿੰਦਗੀ ਦਾ ਭਾਸ਼ਣ ਕੀਤਾ ਸੀ। ਪ੍ਰੋ. ਜਗਮੋਹਣ ਸਿੰਘ ਨੇ ਨੌਜਵਾਨਾਂ ਨੂੰ ਵਿਗਿਆਨਕ ਨਜ਼ਰੀਆ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਤਿਹਾਸ ਨਾਲ ਜੁੜਨ ਅਤੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਅੱਗੇ ਵੱਧਣ। ਇਸ ਮੌਕੇ ਆਰਐੱਮਪੀਆਈ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਡਾ. ਮੁਠੱਡਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਆਖੰਡਤਾ ਦੀ ਰਾਖੀ ਲਈ ਕੀਤੀ ਕੁਰਬਾਨੀ ਆਜ਼ਾਈਂ ਨਹੀਂ ਜਾਵੇਗੀ। ਇਸ ਤੋਂ ਪਹਿਲਾ ਪ੍ਰੋ. ਜਗਮੋਹਣ ਨੇ ਕਾਮਰੇਡ ਨਰੰਜਣ ਸਿੰਘ ਮੁਠੱਡਾ ਮੈਮੋਰੀਅਲ ਵਲੋਂ ਵਿਗਿਆਨਕ ਚੇਤਨਾ ਕੇਂਦਰ ਦੇ ਲੋਕ ਅਰਪਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਆਰਐੱਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ, ਸੰਤੋਖ ਸਿੰਘ ਬਿਲਗਾ, ਡਾ. ਸਰਬਜੀਤ ਮੁਠੱਡਾ, ਗੁਰਪਾਲ ਸਿੰਘ ਨੰਬਰਦਾਰ, ਮਨਮੋਹਣ ਸ਼ਰਮਾ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ ਮੌਜੂਦ ਸਨ।