‘ਪੰਜਾਬ ਦੇ ਸਰਹੱਦੀ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਅਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲੀਸ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।’ ਇਹ ਗੱਲ ਪੰਜਾਬ ਦੇ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਵੱਲੋਂ ਸਰਹੱਦੀ ਕਸਬਾ ਖਾਲੜਾ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਫ਼ੇਰੀ ਦੌਰਾਨ ਆਖੀ।
ਸ੍ਰੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਅਪਰੇਸ਼ਨ ਪ੍ਰਹਾਰ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲੀਸ ਦਿਨ-ਰਾਤ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਸਰਹੱਦ ਪਾਰੋਂ ਵੱਡੀ ਗਿਣਤੀ ਵਿੱਚ ਆਏ ਡਰੋਨ ਅਤੇ ਹੈਰੋਇਨ ਸਣੇ ਵਿਦੇਸ਼ੀ ਹਥਿਆਰਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਸਕਰਾਂ ਨੂੰ ਵੀ ਵੱਡੀ ਗਿਣਤੀ ਵਿੱਚ ਕਾਬੂ ਕੀਤਾ ਗਿਆ ਹੈ। ਸਰਹੱਦੀ ਇਲਾਕਿਆਂ ਅੰਦਰ ਪੁਲੀਸ ਉੱਪਰ ਵਧਦੇ ਕੰਮ ਦੇ ਪ੍ਰਭਾਵ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਲੀਸ ਪ੍ਰਸ਼ਾਸਨ ਵਿੱਚ ਨਫ਼ਰੀ ਵਧਾਉਣ ਲਈ ਨਵੀਆਂ ਭਰਤੀਆਂ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਪਲਬਧ ਫੋਰਸ ਨੂੰ ਹੋਰ ਨਵੇਂ ਸਿਰਿਓਂ ਸੰਗਠਿਤ ਕਰਕੇ ਇਸ ਨਵੀਂ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਹੱਦੀ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ, ਤਰਨ ਤਾਰਨ ਦੇ ਐੱਸ ਐੱਸ ਪੀ ਸੁਰੇਂਦਰ ਲਾਂਬਾ, ਡੀ ਐੱਸ ਪੀ ਪ੍ਰੀਤ ਇੰਦਰ ਸਿੰਘ ਭਿੱਖੀਵਿੰਡ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

