ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 11 ਅਕਤੂਬਰ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਕਿਸਾਨ ਭਲਾਈ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਪਿੰਡਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀ ਲਈ ਵਰਤੋਂਯੋਗ ਬਣਾਉਣ ਲਈ ਪੂਰੇ ਪੰਜਾਬ ’ਚ ਸੰਤ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ। ਪਿੰਡ ਤਲਵੰਡੀ ਮਾਧੋ ’ਚ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੀਚੇਵਾਲ ਮਾਡਲ-2 ਦਾ ਦੌਰਾ ਕਰਦਿਆਂ ਮੰਤਰੀ ਨੇ ਗੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀ ਲਈ ਵਰਤੇ ਜਾਣ ਸਬੰਧੀ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗੰਭੀਰ ਹੈ। ਮੰਤਰੀ ਨੇ ਪਿੰਡਾਂ ਦੇ ਵਿਕਾਸ ਵਿੱਚ ਐਨ.ਆਰ.ਆਈਜ਼ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।
ਮੰਤਰੀ ਨੇ ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਛਿੰਝ ਮੇਲੇ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹਨ।
ਇਸ ਮੌਕੇ ਉਨ੍ਹਾਂ ਪਿੰਡ ’ਚ ਇਨਡੋਰ ਸਟੇਡੀਅਮ ਬਣਾਉਣ ਦਾ ਐਲਾਨ ਕਰਨ ਤੋਂ ਇਲਾਵਾ ਹਲਕੇ ਦੇ ਵਿਕਾਸ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਣ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਰੀਰ ’ਤੇ ਵੀ ਮਾੜਾ ਅਸਰ ਪਾਉਂਦਾ ਹੈ।
ਪੰਚਾਇਤ ਮੰਤਰੀ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਸ਼ਾਹਕੋਟ (ਪੱਤਰ ਪ੍ਰੇਰਕ) ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਲਾਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਾਰਕੀਟ ਕਮੇਟੀ ਸ਼ਾਹਕੋਟ ਅਧੀਨ ਆਉਂਦੀ ਪੂਨੀਆਂ ਮੰਡੀ ਵਿੱਚ ਉਨ੍ਹਾਂ ਖਰੀਦ ਏਜੰਸੀਆਂ ਨੂੰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਵੇਚ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।