SEO Title Akali Dal Waris Punjab Protests: ਮੰਤਰੀਆਂ ਦੇ ਘਰਾਂ ਅੱਗੇ ਧਰਨੇ
ਵਾਰਿਸ ਪੰਜਾਬ ਦੇ ਕਾਰਕੁਨਾਂ ਵੱਲੋਂ ਕਾਲੀਆਂ ਝੰਡੀਆ ਵਿਖਾ ਕੇ ਮੁਜ਼ਾਹਰਾ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਮੁੱਦਿਆਂ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਜੰਡਿਆਲਾ ਗੁਰੂ ਸਥਿਤ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਫੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਾਰਟੀ ਆਗੂਆਂ ਐਡਵੋਕੇਟ ਦਿਲਸ਼ੇਰ ਸਿੰਘ, ਜਸਕਰਨ ਸਿੰਘ ਰਿਆੜ ਅਤੇ ਬਾਬੂ ਸਿੰਘ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ ਅਤੇ ਨੌਜਵਾਨ ਲਗਾਤਾਰ ਇਸ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚੋਣਾਂ ਵੇਲੇ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਧਰਨੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਪਠਾਨਕੋਟ (ਐੱਨ ਪੀ ਧਵਨ): ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਸ਼ਿਆਂ ਦੇ ਮੁੱਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨਾਲ ਸਬੰਧਤ ਕਥਿਤ ਰਿਸ਼ਵਤਖ਼ੋਰੀ ਦੇ ਮਾਮਲੇ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਮਰਾਓ ਸਿੰਘ ਕੰਗ ਦੀ ਅਗਵਾਈ ਵਿੱਚ ਵਰਕਰਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਧਰਨਾ ਲਾਇਆ ਗਿਆ। ਧਰਨੇ ਨੂੰ ਉਮਰਾਓ ਸਿੰਘ ਕੰਗ, ਜ਼ਿਲ੍ਹਾ ਯੂਥ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬੱਲ, ਹਲਕਾ ਇੰਚਾਰਜ ਪ੍ਰਿਥੀਪਾਲ ਸਿੰਘ ਬਟਾਲਾ ਅਤੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਪੰਜਾਬ ਅਮਨਦੀਪ ਕੌਰ ਰੰਧਾਵਾ ਨੇ ਸੰਬੋਧਨ ਕੀਤਾ। ਇਸ ਮੌਕੇ ਸਮੂਹ ਬੁਲਾਰਿਆਂ ਨੇ ਕਿਹਾ ਕਿ ‘ਪੰਜਾਬ ਜਵਾਬ ਮੰਗਦਾ ਹੈ’ ਮੁਹਿੰਮ ਦੇ ਹਿੱਸੇ ਵੱਜੋਂ, ਇਹ ਧਰਨਾ ਲਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਰਾਜ ਵਿੱਚ ਸਵਾਲ ਪੁੱਛਣ ਵਾਲਿਆਂ ਨੂੰ ਮੋਹਨਜੀਤ ਸਿੰਘ ਸ਼ੇਰੋਂ ਵਾਂਗ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਵੀ ਇੰਨਾ ਕੁ ਡਰਾਇਆ ਤੇ ਧਮਕਾਇਆ ਗਿਆ ਕਿ ਉਹ ਖ਼ੁਦਕੁਸ਼ੀ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਵੀ ਕਥਿਤ ਪੰਜ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।ਉਨ੍ਹਾਂ ਇੰਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਟਾਰੂਚੱਕ ਦੇ ਘਰ ਅੱਗੇ ਧਰਨਾ ਭਲਕੇ
ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨ ਲਈ ਸਾਂਝੀ ਤਾਲਮੇਲ ਕਮੇਟੀ ਵੱਲੋਂ 13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨੂੰ ਸਫਲ ਬਣਾਉਣ ਲਈ ਪੀ ਐੱਸ ਐੱਮ ਐੱਸ ਯੂ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ, ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਅਤੇ ਰਜਿੰਦਰ ਧੀਮਾਨ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ। ਆਗੂਆਂ ਨੇ ਕਿਹਾ ਕਿ 13 ਸਤੰਬਰ ਨੂੰ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਇੱਕ ਵਿਸ਼ਾਲ ਇਕੱਠ ਹੋਵੇਗਾ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਵਾਸ ਵੱਲ ਮਾਰਚ ਕੀਤਾ ਜਾਵੇਗਾ।

