ਹਤਿੰਦਰ ਮਹਿਤਾ
ਜਲੰਧਰ, 7 ਜੁਲਾਈ
ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀਆਂ ਅੱਜ ਮਕਸੂਦਾਂ ਪੁਲ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦੀ ਸਾਹਮਣਾ ਕਰਨਾ ਪਿਆ। ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰਾਂ ਵਿੱਚ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਆ ਰਿਹਾ ਹੈ ਤੇ ਉਹ ਇਸ ਸੰਬਧ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ। ਇਸ ਕਾਰਨ ਉਨ੍ਹਾਂ ਨੂੰ ਮਜਬੂਰਨ ਧਰਨਾ ਦੇਣਾ ਪਿਆ। ਧਰਨਾਕਾਰੀਆਂ ਵੱਲੋਂ ਆਵਾਜਾਈ ਬੰਦ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੀ ਮੰਗ ਸੀ ਕਿ ਉਨਾਂ ਨੂੰ ਪੀਣ ਵਾਲਾ ਪਾਣੀ ਸਾਫ ਮਿਲੇ। ਇਸ ਮੌਕੇ ਥਾਣਾ ਨੰਬਰ ਇੱਕ ਦੇ ਅਧਿਕਾਰੀਆਂ ਨੇ ਧਰਨਾਕਾਰੀਆਂ ਨਾਲ ਗੱਲ ਕੀਤੀ ਤੇ ਉਨ੍ਹਾਂ ਦੀ ਮੰਗ ਨਗਰ ਨਿਗਮ ਦੇ ਅਧਿਕਾਰੀਆਂ ਤੱਕ ਪਹੁੰਚਾਈ। ਇਸ ਤੋਂ ਬਾਅਦ ਉਨ੍ਹਾਂ ਨੇ ਧਰਨਾ ਖਤਮ ਕੀਤਾ। ਇਸ ਮੌਕੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਤੇ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।