ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ 38 ਹਜ਼ਾਰ ਲਿਟਰ ਡੀਜ਼ਲ ਦੇਵੇਗੀ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਦੇ ਖੇਤਰ ਵਿਚ ਵੱਖ-ਵੱਖ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਕਰ ਰਹੀਆਂ ਸੰਗਤਾਂ ਨੂੰ 38 ਹਜ਼ਾਰ ਲਿਟਰ ਡੀਜ਼ਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਅੱਠ ਹਜ਼ਾਰ ਲੀਟਰ ਡੀਜ਼ਲ ਮੌਕੇ ’ਤੇ ਦਿੱਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਮੋਹਤਬਰ ਵਿਅਕਤੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਕਰ ਰਹੀਆਂ ਸੰਗਤਾਂ ਨੂੰ 38 ਹਜ਼ਾਰ ਲਿਟਰ ਡੀਜ਼ਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ 8 ਹਜ਼ਾਰ ਲਿਟਰ ਡੀਜ਼ਲ ਮੌਕੇ ’ਤੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਹਲੀ ਕਲਾਂ ਦੇ ਬੰਨ ਦਾ ਏਰੀਆ ਸਭ ਤੋਂ ਵੱਧ ਹੈ, ਜਿਸ ਵਾਸਤੇ ਮੰਗ ਅਨੁਸਾਰ 20 ਹਜ਼ਾਰ ਲਿਟਰ ਡੀਜ਼ਲ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਬਾਊਪੁਰ, ਧੁੰਦਾਂ, ਚੱਕਵਾਲਾ, ਸਾਗੜਾਂ ਆਦਿ ਪਿੰਡਾਂ ਦੇ ਬੰਨ੍ਹਾਂ ਵਾਸਤੇ ਵੀ ਡੀਜ਼ਲ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਇੱਕ ਲੱਖ ਏਕੜ ਰਕਬੇ ਦੇ ਵਾਸਤੇ ਬੀਜ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਲਈ ਖੇਤੀਬਾੜੀ ਯੂਨੀਵਰਸਿਟੀ ਨਾਲ ਸੰਪਰਕ ਕੀਤਾ ਜਾ ਰਿਹਾ ਹੈ।