ਇੱਥੇ ਬੰਦੂਕ ਸਾਫ਼ ਕਰਨ ਦੌਰਾਨ ਗੋਲੀ ਚੱਲਣ ਕਾਰਨ ਦਸਮੇਸ਼ ਨਗਰ ਦੇ ਸਾਬਕਾ ਫੌਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰ ਦਸੂਹਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਸੇਵਾਮੁਕਤ ਫ਼ੌਜੀ ਸੀ। ਉਹ ਦੁਪਿਹਰ ਵੇਲੇ ਆਪਣੀ ਲਾਇਸੈਂਸੀ 12 ਬੋਰ ਦੀ ਬੰਦੂਕ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਅਤੇ ਬੰਦੂਕ ਨੂੰ ਕਬਜ਼ੇ ’ਚ ਲੈ ਲਿਆ ਹੈ। ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਰੱਖਵਾ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਏ ਬਿਆਨ ਦੇ ਅਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।