ਗੁਰਦੇਵ ਸਿੰਘ ਗਹੂੰਣ
ਬਲਾਚੌਰ, 7 ਜਨਵਰੀ
ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਸੋਮ ਲਾਲ, ਸਵਰਨ ਹੁਸ਼ਿਆਰਪੁਰੀ, ਹਰਭਜਨ ਸਿੰਘ ਰਾਏ ਅਤੇ ਭਾਗ ਰਾਮ ਭੰਗੜ ਆਦਿ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ’ਚ 28 ਫਰਵਰੀ ਤੱਕ ਵਾਧਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮਿਆਦ ਇਕ ਵਾਰ ਫ਼ਿਰ ਤੋਂ 28 ਫ਼ਰਵਰੀ ਤੱਕ ਪਾਉਣ ਦਾ ਪੱਤਰ ਜਾਰੀ ਹੋਣ ’ਤੇ ਅਧਿਆਪਕਾਂ ਨੇ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਵੱਡੀ ਵਾਅਦਾ ਖਿਲਾਫ਼ੀ ਕਰਾਰ ਦਿੱਤਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼) ਦੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਪਹਿਲਾਂ ਮਿਲ ਰਹੀਆਂ ਸਹੂਲਤਾਂ ਵੀ ਵਾਪਸ ਲਈਆਂ ਜਾ ਰਹੀਆਂ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇਥੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਨੂੰ ਲਾਰੇ-ਲੱਪੇ ਲਾਉਂਦਿਆਂ ਹੀ ਆਪਣਾ ਕਾਰਜਕਾਲ ਸਮਾਪਤ ਕਰ ਦੇਣਾ ਹੈ। ਪਿਛਲੇ ਚਾਰ ਸਾਲਾਂ ਤੋਂ ਸੂਬੇ ਭਰ ਵਿਚ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ, ਡੀਏ ਦਾ ਬਕਾਇਆ, ਪੇਅ ਸਕੇਲ ਵਿਚ ਊਣਤਾਈਆਂ ਦੂਰ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪਰ ਸੂਬੇ ਦਾ ਵਿੱਤ ਮੰਤਰੀ ਏਨਾ ਹੰਕਾਰੀ ਹੈ ਕਿ ਉਹ ਮੁਲਾਜ਼ਮਾਂ ਦੀ ਗੱਲ ਸੁਣਨ ਤੱਕ ਤਿਆਰ ਨਹੀਂ। ਇਸ ਮੌਕੇ ਅਮਨਦੀਪ ਸਿੰਘ, ਤੇਜਿੰਦਰ ਸਿੰਘ, ਪਿਆਰਾ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਗੁਰਦਾਸਪੁਰ (ਜਤਿੰਦਰ ਬੈਂਸ): ਪੰਜਾਬ ਅਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਦੇ ਕਾਰਕੁੰਨਾਂ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਇੱਕਠੇ ਹੋ ਕੇੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤਨਖਾਹ ਕਮਿਸ਼ਨ ਸਬੰਧੀ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਆਗੂ ਬਲਵਿੰਦਰ ਸਿੰਘ ਉੱਦੀਪੁਰ, ਜੇਪੀ ਸੈਣੀ ਅਤੇ ਕੁਲਦੀਪ ਪੂਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਉਲਟ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2016 ਤੋਂ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦੀ ਉਡੀਕ ਹੈ। ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ।
ਮੁਕੇਰੀਆਂ (ਪੱਤਰ ਪੇ੍ਰਕ): ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੰਡਲ ਦਫ਼ਤਰ ਅੱਗੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਐਂਪਲਾਈਜ਼ ਫੈਡਰੇਸ਼ਨ ਦੇ ਮੰਡਲ ਪ੍ਰਧਾਨ ਬੋਧ ਰਾਜ ਤੇ ਟੀਐਸਯੂ ਦੇ ਮੰਡਲ ਪ੍ਰਧਾਨ ਲਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਸਰਕਲ ਪ੍ਰਧਾਨ ਮਨਜੀਤ ਸਿੰਘ ਪਲਾਕੀ ਤੇ ਜ਼ੋਨ ਪ੍ਰਧਾਨ ਲਖਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਰੋਸ ਮੁਜਾਹਰੇ ਦੌਰਾਨ ਸੰਘਰਸ਼ ਕਮੇਟੀ ਵਲੋਂ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਹੀਂ ਮੰਨ ਰਹੀ।