ਪੱਤਰ ਪ੍ਰੇਰਕ
ਧਾਰੀਵਾਲ, 17 ਨਵੰਬਰ
ਇਥੇ ਕਮਿਊਨਿਟੀ ਸਿਹਤ ਕੇਂਦਰ (ਸੀਐੱਚਸੀ) ਧਾਰੀਵਾਲ ਦੇ ਸਮੂਹ ਐੱਨ ਐੱਚ ਐੱਮ (ਨੈਸ਼ਨਲ ਹੈਲਥ ਮਿਸ਼ਨ) ਸਟਾਫ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਹੜਤਾਲ ਕੀਤੀ ਅਤੇ ਕੰਮਕਾਜ ਠੱਪ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾ. ਅਮਰਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਐੱਨਐੱਚਐੱਮ ਐਂਪਲਾਈਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸ਼ੁਰੂ ਕੀਤੀ ਸੂਬਾ ਪੱਧਰੀ ਹੜਤਾਲ ਵਿੱਚ ਆਯੂਸ਼, ਏਐੱਨਐੱਮ, ਸਟਾਫ ਨਰਸਾਂ, ਸੀਐੱਚਓ ਅਤੇ ਕਲੈਰੀਕਲ ਸਟਾਫ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਨਿੱਤ ਨਵੇਂ ਲਾਰੇ ਲਗਾ ਕੇ ਡੰਗ ਟਪਾਈ ਕਰਕੇ ਵਾਅਦਾਖ਼ਿਲਾਫ਼ੀ ਕਰਦੀ ਆ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਬਣਾਏ ਐਕਟ ਵਿੱਚ ਐੱਨ.ਐੱਚ.ਐੱਮ ਮੁਲਾਜ਼ਮਾਂ ਨੂੰ ਸ਼ਾਮਲ ਨਾ ਕਰਕੇ ਸਰਕਾਰ ਨੇ ਐੱਨ.ਐੱਚ.ਐੱਮ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫੀ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸਰਕਾਰ ਨਾਲ ਲੜਾਈ ਜਾਰੀ ਰਹੇਗੀ।