ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੰਟਾ ਘਰ ਦੇ ਵਿਦਿਆਰਥੀਆਂ ਨੂੰ ਮੋਬਾਈਲ ਵੰਡੇ। ਦੋਵਾਂ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਦੇ 30-30 ਵਿਦਿਆਰਥੀਆਂ ਨੂੰ ਮੋਬਾਈਲ ਦਿੱਤੇ ਗਏ।
ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨਾਲ ਸਮਾਰਟ ਫੋਨ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਮੌਜੂਦਾ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਣਗੇ ਕਿਉਂਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਵਿਦਿਆਰਥੀ ਇਨ੍ਹਾਂ ਸਮਾਰਟ ਫੋਨਾਂ ਰਾਹੀਂ ਆਨਲਾਈਨ ਪੜ੍ਹਾਈ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਲਈ ਮਨਜ਼ੂਰ ਕੀਤੇ ਗਏ ਮੈਡੀਕਲ ਕਾਲਜ ਦੇ ਪ੍ਰਾਜੈਕਟ ’ਤੇ ਦੋ ਮਹੀਨਿਆਂ ਵਿੱਚ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਊਨ੍ਹਾਂ ਨੇ ਸਕੂਲ ਵਿਚ ਤਿਆਰ ਕੀਤੇ ‘ਐਜੂਕੇਸ਼ਨਲ ਪਾਰਕ’ ਦਾ ਵੀ ਉਦਘਾਟਨ ਕੀਤਾ।
ਦੀਨਾਨਗਰ (ਪੱਤਰ ਪ੍ਰੇਰਕ): ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਅੱਜ ਆਪਣੇ ਹਲਕੇ ਅੰਦਰ ਦੋ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 823 ਵਿਦਿਆਰਥੀਆਂ ਨੂੰ ਸਮਾਰਟ ਮੋਬਾਈਲ ਫ਼ੋਨ ਵੰਡੇ। ਇਸ ਸਬੰਧੀ ਪ੍ਰੋਗਰਾਮ ਚੌਧਰੀ ਜੈਮੁਨੀ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਕੀਤਾ ਗਿਆ, ਜਿੱਥੇ 256 ਵਿਦਿਆਰਥਣਾਂ ਨੂੰ ਸਮਾਰਟ ਫ਼ੋਨ ਦਿੱਤੇ ਗਏ। ਦੂਜਾ ਪ੍ਰੋਗਰਾਮ ਸ਼ਹੀਦ ਮਨਿੰਦਰ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਇਆ, ਜਿੱਥੇ 567 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇ ਕੇ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਇਸ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਦਾ ਸਦਉਪਯੋਗ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਜਸਕਰਨਜੀਤ ਸਿੰਘ ਕਾਹਲੋਂ, ਡੀਈਓ ਐੱਮ ਸੁਰੇਸ਼, ਮਾਸਟਰ ਵਿਜੇ ਕੁਮਾਰ, ਕੁੰਵਰ ਰਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਮੀਡੀਆ ਇੰਚਾਰਜ ਦੀਪਕ ਭੱਲਾ, ਡਾ. ਪ੍ਰਦੀਪ ਤੁਲੀ ਹਾਜ਼ਰ ਸਨ।
ਕਾਦੀਆਂ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ’ਚ ਅੱਜ ਪੰਜਾਬ ਸਰਕਾਰ ਵੱਲੋਂ ਭੇਜੇ ਗਏ 48 ਸਮਾਰਟਫ਼ੋਨ ਵਿਦਿਆਰਥੀਆਂ ਨੂੰ ਵੰਡੇ ਗਏ। ਸਕੂਲ ਪ੍ਰਿੰਸੀਪਲ ਡਾਕਟਰ ਸੁਨੀਤਾ ਕੌਸ਼ਲ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭੁਪਿੰਦਰ ਸਿੰਘ ਬਿੱਟੀ ਮੈਂਬਰ ਐੱਸਐੱਸ ਬੋਰਡ ਦੇ ਹੱਥੋਂ ਸਮਾਰਟ ਫ਼ੋਨ ਦਿੱਤੇ ਗਏ।