ਵੋਟਰ ਸੂਚੀਆ ਦੀ ਵਿਸ਼ੇਸ਼ ਵਿਆਪਕ ਸੋਧ (ਐੱਸ ਆਈ ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਵੋਟਰਾਂ ਨੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਉਤਸ਼ਾਹ ਨਾਲ ਭਾਗ ਲਿਆ। ਇਹ ਵਿਸ਼ੇਸ਼ ਕੈਂਪ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਗਣਨਾ ਪੜਾਅ ਦੇ ਹਿੱਸੇ ਵਜੋਂ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਲਈ ਲਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ’ਤੇ ਫਾਰਮ ਪ੍ਰਾਪਤ ਕਰਨ ਦਾ ਕੰਮ ਤੁਲਨਾਤਮਕ ਤੌਰ ’ਤੇ ਘੱਟ ਸੀ। ਇਹ ਵਿਸ਼ੇਸ਼ ਕੈਂਪ 12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਾਏ ਜਾਣਗੇ, ਜਿਥੇ ਸਾਰੇ ਬੂਥ ਲੈਵਲ ਅਫ਼ਸਰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਮੌਜੂਦ ਰਹਿ ਕੇ ਵੋਟਰਾਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਸਹਿਯੋਗ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕ ਭਾਗੀਦਾਰੀ ਯਕੀਨੀ ਬਣਾਉਣ ਲਈ ਐੱਸ ਆਈ ਆਰ ਸਬੰਧੀ ਵੱਖ-ਵੱਖ ਮਾਧਿਅਮਾਂ ਰਾਹੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਲੈਵਲ ਏਜੰਟ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਜਲਦੀ ਫਾਰਮ ਜਮ੍ਹਾ ਕਰਵਾ ਕੇ ਚੋਣ ਅਮਲੇ ਨਾਲ ਸਹਿਯੋਗ ਕਰਨ।

