ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਵੱਲੋਂ ਕਪੂਰਥਲਾ ਦਾ ਦੌਰਾ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲਕ੍ਰਿਸ਼ਨ ਗੋਇਲ ਵੱਲੋਂ ਅੱਜ ਕਪੂਰਥਲ਼ਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਾਦੂਪੁਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਕੇਂਦਰ ਵਿੱਚ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਿੱਤੇ ਜਾਂਦੇ ਭੋਜਨ ਆਦਿ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਡਾਲਾ ਬੇਟ ਵਿੱਚ ਜਨਤਕ ਰਾਸ਼ਨ ਵੰਡ ਪ੍ਰਣਾਲੀ ਦਾ ਮੌਕੇ ’ਤੇ ਜਾਇਜ਼ਾ ਲਿਆ। ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਯੋਗ ਲਾਭਪਾਤਰੀ ਨੂੰ ਪੀਡੀਐਫ ਯੋਜਨਾ ਤਹਿਤ ਬਣਦਾ ਰਾਸ਼ਨ ਮਿਲਣਾ ਸੌ ਫ਼ੀਸਦੀ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ’ਚ ਸਥਿਤ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਉਨ੍ਹਾਂ ਦਾ ਸੁਆਗਤ ਕੀਤਾ ਤੇ ਜ਼ਿਲ੍ਹੇ ’ਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐੱਸ.ਡੀ.ਐੱਮ. ਮੇਜਰ ਡਾ.ਇਰਵਿਨ ਕੌਰ, ਡੀ.ਐੱਸ.ਪੀ ਦੀਪਕਰਨ ਸਿੰਘ, ਨੋਡਲ ਅਫਸਰ-ਕਮ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਤੇ ਹੋਰ ਅਧਿਕਾਰੀ ਹਾਜ਼ਰ ਸਨ।