Stray Dogs attack: ਅਵਾਰਾ ਕੁੱਤਿਆਂ ਨੇ ਲਈ 8 ਸਾਲਾ ਮਾਸੂਮ ਬੱਚੀ ਦੀ ਜਾਨ
ਸਕੂਲ ਜਾਣ ਲਈ ਘਰੋਂ ਨਿਕਲੀ ਬੱਚੀ ’ਤੇ ਕੁੱਤਿਆਂ ਦੇ ਝੁੰਡ ਨੇ ਕੀਤਾ ਹਮਲਾ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਅੱਠ ਸਾਲ ਦੀ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਪੁਲੀਸ ਅਧਿਕਾਰੀਆਂ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਮ੍ਰਿਤਕਾ ਦੀ ਪਛਾਣ ਸਲੋਨੀ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਪਿਆਰੇ ਲਾਲ ਦੀ ਧੀ ਸੀ। ਉਹ ਟਾਂਡਾ ਪੁਲੀਸ ਸਟੇਸ਼ਨ ਦੀ ਹੱਦ ਅੰਦਰ ਪੈਂਦੇ ਪਿੰਡ ਖਰਲ ਖੁਰਦ ਵਿੱਚ ਰਹਿ ਰਹੇ ਸਨ।
ਇਹ ਘਟਨਾ ਸਵੇਰੇ 8.30 ਵਜੇ ਦੇ ਕਰੀਬ ਵਾਪਰੀ ਜਦੋਂ ਬੱਚੀ ਸਕੂਲ ਜਾਣ ਤੋਂ ਪਹਿਲਾਂ ਆਪਣੇ ਘਰੋਂ ਬਾਹਰ ਨਿਕਲੀ ਸੀ। ਪੁਲੀਸ ਨੇ ਦੱਸਿਆ ਕਿ ਰਸਤੇ ਵਿੱਚ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਲਿਆ।
ਜਦੋਂ ਬੱਚੀ ਕਾਫੀ ਦੇਰ ਤੱਕ ਘਰ ਨਾ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਉਹ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਈ ਮਿਲੀ। ਉਨ੍ਹਾਂ ਦੱਸਿਆ ਕਿ ਉਸ ਨੂੰ ਤੁਰੰਤ ਟਾਂਡਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਪੁਲੀਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

