Strike: ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਕਿਸਾਨ ਪ੍ਰੇਸ਼ਾਨ
ਖੇਤਾਂ ਨੂੰ ਪਾਣੀ ਲਾਉਣ ’ਚ ਆ ਰਹੀ ਹੈ ਮੁਸ਼ਕਲ; ਸ਼ੇਰੋਂ ਖੰਡ ਮਿੱਲ ਅੱਗੇ ਕਿਸਾਨਾਂ ਦਾ ਮੋਰਚਾ ਜਾਰੀ
ਬਿਜਲੀ ਕਰਮਚਾਰੀਆਂ ਦੀ ਹੜਤਾਲ ਕਾਰਨ ਸੂਬੇ ਵਿੱਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਨਾਲ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਅਤੇ ਖੇਤਾਂ ਨੂੰ ਪਾਣੀ ਲਾਉਣ ਵਿੱਚ ਭਾਰੀ ਮੁਸ਼ਕਲ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਮੁਲਾਜ਼ਮਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ।
ਇਹ ਵਿਚਾਰ ਆਗੂਆਂ ਨੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਖ਼ਿਲਾਫ਼ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਪ੍ਰਗਟਾਏ। ਅੱਜ ਮੋਰਚੇ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਤਰਸੇਮ ਸਿੰਘ ਲੁਹਾਰ, ਹਰਜਿੰਦਰ ਸਿੰਘ ਟਾਂਡਾ, ਦਲਜੀਤ ਸਿੰਘ ਦਿਆਲਪੁਰਾ, ਨਛੱਤਰ ਸਿੰਘ ਪੰਨੂ, ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਇੰਦਰਜੀਤ ਸਿੰਘ ਮਰਹਾਣਾ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਲਗਾਤਾਰ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਜਨਜੀਵਨ ਵਿੱਚ ਪੂਰੀ ਤਰ੍ਹਾਂ ਖੜੋਤ ਆ ਗਈ ਹੈ। ਉਨ੍ਹਾਂ ਸਰਕਾਰ ਨੂੰ ਸੁਚੇਤ ਕੀਤਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਵਿੱਚ ਦੇਰੀ ਕਰਨ ਨਾਲ ਕਿਸਾਨਾਂ ਲਈ ਹਾਲਾਤ ਹੋਰ ਬਦਤਰ ਹੋ ਜਾਣਗੇ।
ਬਿਜਲੀ ਮੁਲਾਜ਼ਮਾਂ ਦੀ ਹੜਤਾਲ ਜਾਰੀ
ਸ਼ਾਹਕੋਟ/ਨਕੋਦਰ (ਪੱਤਰ ਪ੍ਰੇਰਕ): ਪਾਵਰਕੌਮ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਮੂਹਿਕ ਛੁੱਟੀ ਲੈ ਕੇ ਲਾਏ ਗਏ ਧਰਨੇ ਅੱਜ ਪੰਜਵੇਂ ਦਿਨ ਵੀ ਜਾਰੀ ਰਹੇ। ਢੰਡੋਵਾਲ, ਮਲਸੀਆਂ, ਮਹਿਤਪੁਰ, ਮੱਲ੍ਹੀਆਂ ਕਲਾਂ, ਲੋਹੀਆਂ ਖਾਸ ਅਤੇ ਨਕੋਦਰ ਵਿੱਚ ਹੋਈਆਂ ਰੈਲੀਆਂ ਵਿੱਚ ਯੂਨੀਅਨ ਆਗੂਆਂ ਨੇ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਖਪਤਕਾਰਾਂ ਦੀਆਂ ਮੁਸ਼ਕਿਲਾਂ ਵਿੱਚ ਭਾਰੀ ਵਾਧਾ ਹੋ ਗਿਆ ਹੈ। ਬਰਸਾਤ ਦੇ ਦਿਨਾਂ ਵਿੱਚ ਬਿਜਲੀ ਲਾਈਨਾਂ ਦੇ ਨੁਕਸ ਦਰੁਸਤ ਨਾ ਹੋਣ ਕਾਰਨ ਲੋਕ ਗਰਮੀ ਵਿੱਚ ਪ੍ਰੇਸ਼ਾਨ ਹੋ ਰਹੇ ਹਨ।

