ਮੁਸੀਬਤਾਂ ਦੇ ਟਾਕਰੇ ਲਈ ਚੜ੍ਹਦੀਕਲਾ ’ਚ ਰਹਿਣ ਵਿਦਿਆਰਥੀ: ਗਿਆਨੀ ਸੁਲਤਾਨ ਸਿੰਘ
ਖ਼ਾਲਸਾ ਯੂਨੀਵਰਸਿਟੀ ਦੇ ਸ਼ੈਸ਼ਨ 2025-26 ਦੀ ਆਰੰਭਤਾ ਦੇ ਸਬੰਧ ’ਚ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਹਰੇਕ ਇਨਸਾਨ ਦੇ ਜੀਵਨ ’ਚ ਮੁਸ਼ਕਿਲਾਂ ਤਾਂ ਆਉਂਦੀਆਂ ਹੀ ਹਨ ਜਿਨ੍ਹਾਂ ਦਾ ਟਾਕਰਾ ਚੜ੍ਹਦੀਕਲਾ ’ਚ ਰਹਿ ਕੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲਾਂ ਨਾਲ ਨਜਿੱਠਣ ਲਈ ਪ੍ਰਮਾਤਮਾ ਦਾ ਓਟ-ਆਸਰਾ ਲੈਣਾ ਚਾਹੀਦਾ। ਉਨ੍ਹਾਂ ਕਿਹਾਕਈ ਵਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਕਈ ਵਿਦਿਆਰਥੀ ਗ਼ਲਤ ਕਦਮ ਚੁੱਕ ਲੈਂਦੇ ਹਨ, ਜਿਸ ਤੋਂ ਬਚਣ ਲਈ ਉਨ੍ਹਾਂ ਨੇ ਹਰ ਵੇਲੇ ਹਮੇਸ਼ਾ ਚੜ੍ਹਦੀ ਕਲਾ ’ਚ ਰਹਿਣਾ ਹੈ ਤੇ ਹਰ ਮੁਸੀਬਤ ਨੂੰ ਚੁਣੌਤੀ ਵਜੋਂ ਲੈਂਦਿਆਂ ਉਸ ਨਾਲ ਲੜਨਾ ਹੈ।
ਸਮਾਗਮ ਮੌਕੇ ਪਹਿਲਾਂ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰ ਜਸ ਗਾਇਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਸਿੰਘ ਸਾਹਿਬ ਦਾ ਯੂਨੀਵਰਸਿਟੀ ਦੇ ਅਕਾਦਮਿਕ ਸੈਸ਼ਨ ਦੀ ਆਰੰਭਤਾ ’ਤੇ ਅਸ਼ੀਰਵਾਦ ਦੇਣ ਲਈ ਪੁੱਜਣ ’ਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ-ਚਾਂਸਲਰ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਲਗਨ ਤੇ ਇਮਾਨਦਾਰੀ ਨਾਲ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਿਆਂ ਆਪਣੇ ਜੀਵਨ ਵਿਚ ਮਿੱਥੇ ਨੂੰ ਹਾਸਲ ਕਰਨ ਲਈ ਦੂਰਅੰਦੇਸ਼ੀ ਸੋਚ ਨੂੰ ਅਪਨਾਉਣ ਲਈ ਆਖਿਆ। ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਨੇ ਰਾਜਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਡਾ. ਮਹਿਲ ਸਿੰਘ ਨਾਲ ਮਿਲ ਕੇ ਗਿਆਨੀ ਸੁਲਤਾਨ ਸਿੰਘ ਨੂੰ ਸਿਰੋਪਾਓ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਆਦਿ ਹਾਜ਼ਰ ਸਨ।