ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਅਪਰੈਲ
ਵਿਧਾਨ ਸਭਾ ਹਲਕਾ ਨਕੋਦਰ ਦੀ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਸਹਿਯੋਗ ਨਾਲ ਸਹਿਕਾਰੀ ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਦਾ ਵਫਦ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਿਲਿਆ। ਮੀਟਿੰਗ ਵਿਚ ਮੰਤਰੀ ਨਾਲ ਮਿੱਲਾਂ ਦੀ ਬਿਹਤਰੀ ਅਤੇ ਤਰੱਕੀ ਵਾਸਤੇ ਵਿਸਥਾਰਪੂਰਵਕ ਗੱਲ ਕੀਤੀ ਗਈ। ਸੂਬਾ ਪ੍ਰਧਾਨ ਅਵਤਾਰ ਸਿੰਘ ਗਿੱਲ ਨੇ ਦੱਸਿਆ ਕਿ ਵਫਦ ਨੇ ਆਪਣੀਆਂ ਮੰਗਾਂ ਜਿਵੇਂ ਛੇਵੇਂ ਪੇਅ-ਕਮਿਸ਼ਨ ਦੀ ਰਿਪੋਰਟ ਮਿੱਲ ਵਰਕਰਾਂ ’ਤੇ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸ੍ਰੀ ਚੀਮਾ ਨੂੰ ਮੰਗ ਪੱਤਰ ਵੀ ਦਿੱਤਾ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਗੰਨੇ ਦੀ ਅਦਾਇਗੀ ਜਾਰੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਹਿਕਾਰੀ ਖੰਡ ਮਿੱਲਾਂ ਦੇ ਨਾਲ-ਨਾਲ ਹੋਰ ਸਹਿਯੋਗੀ ਪਲਾਂਟ ਜਿਵੇਂ ਕਿ ਈਥੋਨਲ ਪ੍ਰਾਜੈਕਟ ਅਤੇ ਕੋ-ਜੈਨਰੇਸ਼ਨ ਪਲਾਂਟ ਆਦਿ ਲਗਾਉਣ ਅਤੇ ਇਨ੍ਹਾਂ ਨੂੰ ਚਲਾਉਣ ਸਬੰਧੀ ਚਰਚਾ ਕੀਤੀ ਗਈ।
ਸੂਬਾ ਪ੍ਰਧਾਨ ਅਵਤਾਰ ਸਿੰਘ ਗਿੱਲ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਨੇ ਵਰਕਰਜ਼ ਫੈਡਰੇਸ਼ਨ ਪੰਜਾਬ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਵਿਚ ਦਰਜ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ ਅਤੇ ਮਿੱਲਾਂ ਦੀ ਬਿਹਤਰੀ ਲਈ ਵੀ ਤੁਰੰਤ ਕੰਮ ਸ਼ੁਰੂ ਕੀਤੇ ਜਾਣਗੇ। ਮੀਟਿੰਗ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ, ਹਰਦੀਪ ਸਿੰਘ ਨਵਾਂਸ਼ਹਿਰ, ਸਤਿੰਦਰਜੀਤ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ ਅਜਨਾਲਾ ਮਿੱਲ, ਹਰਜੀਤ ਸਿੰਘ, ਨਛੱਤਰ ਸਿੰਘ ਨਕੋਦਰ ਮਿੱਲ, ਜਰਨੈਲ ਸਿੰਘ, ਪਰਮਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਬੁੱਢੋਵਾਲ ਮਿੱਲ, ਬਲਵਿੰਦਰ ਸਿੰਘ ਮੋਰਿੰਡਾ ਮਿੱਲ, ਪਿਆਰਾ ਸਿੰਘ, ਕੁਲਵਿੰਦਰ ਸਿੰਘ ਪਨੂੰ, ਚਮਕਾਰ ਸਿੰਘ ਲਖਵਿੰਦਰ ਸਿੰਘ ਘੁੰਮਣ ਬਟਾਲਾ ਮਿੱਲ, ਰਘਬੀਰ ਸਿੰਘ ਤੇ ਨਵਤੇਜ ਸਿੰਘ ਗੁਰਦਾਸਪੁਰ ਮਿੱਲ ਸਮੇਤ ਹੋਰ ਆਗੂ ਹਾਜ਼ਰ ਸਨ।