ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅਚਨਚੇਤ ਚੈਕਿੰਗ
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪਲਾਈਨ 1098 ’ਤੇ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ 18 ਸਾਲ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਹੁਸ਼ਿਆਰਪੁਰ ਵਿਖੇ ਜਾਂ ਬਾਲ ਹੈਲਪਲਾਈਨ 1098 ’ਤੇ ਫ਼ੋਨ ਕਰਕੇ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਮਾਤਾ-ਪਿਤਾ ਬੱਚੇ ਤੋਂ ਭੀਖ ਮੰਗਵਾਉਂਦਾ ਪਾਇਆ ਗਿਆ ਤਾਂ ਮਾਪਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰਾਮ ਕਲੋਨੀ ਕੈਂਪ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਮਾਤਾ-ਪਿਤਾ ਦਾ ਡੀਐੱਨਏ ਟੈਸਟ ਕੀਤਾ ਜਾਵੇਗਾ ਅਤੇ ਰਿਪੋਰਟ ਮੇਲ ਨਾ ਖਾਣ ’ਤੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਹਰਜੀਤ ਕੌਰ ਨੇ ਦੱਸਿਆ ਕਿ ਬਾਲ ਭਿੱਖਿਆ ਕਰਵਾਉਣ ਦੇ ਮਾਮਲਿਆਂ ਵਿੱਚ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੱਖ-ਵੱਖ ਥਾਣਿਆਂ ਵਿੱਚ ਦੋ ਐੱਫਆਈਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਤੋਂ ਮੋਹਿਤ, ਥਾਣਾ ਸਿਟੀ ਤੋਂ ਐੱਸਐੱਚਓ ਕਿਰਨ ਸਿੰਘ, ਜਸਵਿੰਦਰ ਸਿੰਘ, ਡਾ. ਸ਼ਾਲਿਨੀ ਅਤੇ ਅਮਿਤ ਕੁਮਾਰ ਮੌਜੂਦ ਸਨ।