ਸਵਰਾਜ ਮਾਜ਼ਦਾ ਦੇ ਠੇਕਾ ਕਾਮਿਆਂ ਦੀ ਹੜਤਾਲ ਸਮਾਪਤ
ਬਹਾਦਰਜੀਤ ਸਿੰਘ
ਬਲਾਚੌਰ, 6 ਜੁਲਾਈ
ਸਵਰਾਜ ਮਾਜ਼ਦਾ ਲਿਮਟਿਡ ਆਸਰੋਂ ਦੇ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਜਾਣ ਉਪਰੰਤ ਕੰਟਰੈਕਟ ਵਰਕਰ ਯੂਨੀਅਨ ਨੇ ਹੜਤਾਲ ਅਤੇ ਧਰਨਾ ਸਮਾਪਤ ਕਰ ਦਿੱਤਾ। ਉਹ 2 ਜੁਲਾਈ ਤੋਂ ਹੜਤਾਲ ਉੱਤੇ ਸਨ। ਮੈਨੇਜਮੈਂਟ, ਸਬੰਧਤ ਠੇਕੇਦਾਰਾਂ, ਕੰਟਰੈਕਟ ਵਰਕਰ ਯੂਨੀਅਨ ਅਤੇ ਲੇਬਰ ਇੰਸਪੈਕਟਰ ਬਲਾਚੌਰ ਦੀ ਸਾਂਝੀ ਮੀਟਿੰਗ ਵਿੱਚ ਸਮਝੌਤਾ ਸਿਰੇ ਚੜ੍ਹਿਆ। ਸਮਝੌਤੇ ਉਪਰੰਤ ਵਰਕਰਾਂ ਨੇ ਜੇਤੂ ਰੈਲੀ ਕੀਤੀ ਜਿਸ ਨੂੰ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਜਸ਼ਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਠੇਕਾ ਕਾਮਿਆਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਮਗਰੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲ ਸਿੰਘ ਜੰਡੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਆਗੂ ਬਲਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਏਕਤਾ ਅਤੇ ਸੰਘਰਸ਼ ਦੀ ਜਿੱਤ ਹੈ।