ਹਰਪ੍ਰੀਤ ਕੌਰ
ਹੁਸ਼ਿਆਰਪੁਰ, 17 ਮਈ
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਅੱਜ ਕਮਿਸ਼ਨਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੰਨਣ ਦੇ ਦਿੱਤੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਅਤੇ ਉਪ ਪ੍ਰਧਾਨ ਬਿਕਰਮਜੀਤ ਬੰਟੀ ਨੇ ਦੱਸਿਆ ਕਿ ਆਊਟਸੋਰਸ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਇਨ-ਸੋਰਸ ਕਰਨ ਸਬੰਧੀ ਫ਼ਾਈਲ ਪੰਜਾਬ ਸਰਕਾਰ ਕੋਲ ਪੇਸ਼ ਕਰ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਭਰੋਸਾ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਜਿਨ੍ਹਾਂ ਕਰਮਚਾਰੀਆਂ ਨੂੰ ਕਾਊਂਸਲਿੰਗ ਤੋਂ ਬਾਹਰ ਰੱਖਿਆ ਗਿਆ ਸੀ, ਉਨ੍ਹਾਂ ਨੂੰ ਬਿਨਾਂ ਸ਼ਰਤ ਇਨ-ਸੋਰਸ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਫ਼ਾਈ ਕਰਮਚਾਰੀਆਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵਲੋਂ ਦਿੱਤੇ ਭਰੋਸੇ ਅਤੇ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੜਤਾਲ ਨੂੰ ਕੁਝ ਦਿਨਾਂ ਲਈ ਮੁਲਤਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਉਨ੍ਹਾਂ ਨਾਲ ਕੋਈ ਧੱਕਾ ਹੋਇਆ ਤਾਂ ਸੰਘਰਸ਼ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਮੇਅਰ ਸੁਪਿਰੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਐਕਸੀਅਨ ਹਰਪ੍ਰੀਤ ਸਿੰਘ, ਸੁਪਰਡੈਂਟ ਅਮਿਤ ਕੁਮਾਰ ਆਦਿ ਮੌਜੂਦ ਸਨ।