ਸੈਂਕੜੇ ਅਧਿਆਪਕਾਂ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਨਿਵਾਸ ਸਥਾਨ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਟੈੱਟ ਦੀ ਥੋਪੀ ਸ਼ਰਤ ਦਾ ਵਿਰੋਧ ਕੀਤਾ।
ਇੱਕਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਨਵਪ੍ਰੀਤ ਸਿੰਘ ਬੱਲੀ, ਸੁਰਿੰਦਰ ਕੁਮਾਰ ਪੁਆਰੀ, ਕੁਲਵਿੰਦਰ ਸਿੰਘ ਜੋਸਨ, ਹਰਬੰਸ ਲਾਲ, ਸੁਖਵਿੰਦਰ ਸਿੰਘ ਮੱਕੜ ਤੇ ਅਵਤਾਰ ਲਾਲ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੁੱਚੇ ਅਧਿਆਪਕਾਂ ਦੀ ਭਰਤੀ ਸਿਵਲ ਸਰਵਿਸਿਜ਼ ਰੂਲਾਂ ਤਹਿਤ ਵੱਖ-ਵੱਖ ਸਮੇਂ ’ਤੇ ਕੀਤੀ ਗਈ ਹੈ। ਇਨ੍ਹਾਂ ਨਿਯਮਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਿਭਾਗ ਵੱਲੋਂ ਹੁਣ ਲੰਬੇ ਸਮੇਂ ਤੋਂ ਕੰਮ ਕਰਦੇ ਉਨ੍ਹਾਂ ਅਧਿਆਪਕਾਂ ਨੂੰ ਵੀ ਟੈੱਟ ਪਾਸ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਅਧਿਆਪਕਾਂ ਦੀ ਭਰਤੀ ਟੈਟ ਦੀ ਹੋਂਦ ਤੋਂ ਪਹਿਲਾਂ ਭਾਵ 23-8-2010 ਤੋਂ ਪਹਿਲਾਂ ਹੋਈ ਹੈ। ਇਨ੍ਹਾਂ ਅਧਿਆਪਕਾਂ ’ਤੇ ਟੈਟ ਦੀ ਸ਼ਰਤ ਲਗਾਉਣਾ ਗੈਰ ਸੰਵਿਧਾਨਿਕ ਹੈ। ਇਸ ਧੱਕੇ ਵਿਰੁੱਧ ਅਧਿਆਪਕਾਂ ਵੱਲੋਂ 22 ਫਰਵਰੀ ਨੂੰ ਆਨੰਦਪੁਰ ਸਾਹਿਬ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੇ ਰੋਹ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਪੰਜਾਬ ਨਾਲ ਅਧਿਆਪਕ ਜਥੇਬੰਦੀਆਂ ਦੀ 27 ਫਰਵਰੀ ਨੂੰ ਮੀਟਿੰਗ ਤੈਅ ਕਰਵਾਈ ਸੀ ਪਰ ਸਿੱਖਿਆ ਮੰਤਰੀ 27 ਫਰਵਰੀ ਨੂੰ ਮੀਟਿੰਗ ਤੋਂ ਮੁੱਕਰ ਗਿਆ ਜਿਸ ਕਾਰਨ ਅਧਿਆਪਕ ਜਥੇਬੰਦੀਆਂ ਵੱਲੋਂ ਸੱਤਾਧਾਰੀ ਧਿਰ ਦੇ ਮੰਤਰੀਆਂ/ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਅਧਿਆਪਕ ਮੰਗ ਕਰ ਰਹੇ ਸਨ ਕਿ ਅਧਿਆਪਕਾਂ ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ। ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ। ਅਧਿਆਪਕਾਂ ਦੀਆਂ ਟੈੱਟ ਦੇ ਬਹਾਨੇ ਰੋਕੀਆਂ ਪਦਉਨਤੀਆਂ ਤੁਰੰਤ ਕੀਤੀਆਂ ਜਾਣ। ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਫੌਰੀ ਤੌਰ ਤੇ ਹੱਲ ਕੀਤਾ ਜਾਵੇ।
ਇਸ ਮੌਕੇ ਸਵਿੰਦਰ ਬੱਲੀ, ਰਾਜਵਿੰਦਰ ਕੌਰ, ਸੋਨੀਆ, ਅੰਮ੍ਰਿਤਪਾਲ ਕੌਰ, ਜਤਿੰਦਰ ਬਰਿਆਣਾ, ਇੰਦਰਜੀਤ ਕੌਰ, ਰਾਖੀ, ਕੁਲਵੰਤ ਕੌਰ, ਕੰਵਲਜੀਤ ਸੰਗੋਵਾਲ, ਜੋਗਿੰਦਰ ਸਿੰਘ ਯੋਗੀ, ਬੇਅੰਤ ਸਿੰਘ ਅਤੇ ਬਹੁਤ ਗਿਣਤੀ ਮਹਿਲਾ ਅਧਿਆਪਕ ਆਗੂ ਮੌਜੂਦ ਸਨ।
ਪਠਾਨਕੋਟ (ਐੱਨ ਪੀ ਧਵਨ): ਅਧਿਆਪਕ ਮੋਰਚਾ ਪੰਜਾਬ ਅਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਵਿਭਾਗ ਵੱਲੋਂ ਟੀਈਟੀ ਰੋਕਣ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੀ ਮੰਗ ਨੂੰ ਲੈ ਕੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪੀ ਏ ਨੂੰ ਮੰਗ ਪੱਤਰ ਦਿੱਤਾ।
ਤਰਨ ਤਾਰਨ (ਗੁਰਬਖਸ਼ਪੁਰੀ): ਵੱਖ ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਅਧਿਆਪਕਾਂ ਨੂੰ ਟੈੱਟ ਪਾਸ ਕਰਨ ਸਬੰਧੀ ਸਰਕਾਰ ਵੱਲੋਂ ਸਥਿਤੀ ਨੂੰ ਸਪੱਸ਼ਟ ਨਾ ਕਰਨ ਖਿਲਾਫ ਅੱਜ ਇੱਥੇ ਰੈਲੀ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਅਤੇ ਸਰਕਾਰ ਦੀ ਅਰਥੀ ਸਾੜੀ। ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਆਗੂ ਗੁਰਮੀਤ ਸਿੰਘ ਭੁੱਲਰ, ਈ ਟੀ ਟੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬੱਬੂ , ਲੈਕਚਰਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਢਿੱਲੋ ਤੋਂ ਇਲਾਵਾ ਵੱਖ-ਵੱਖ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਅੱਜ ਇੱਥੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਰੈਲੀ ਕੀਤੀ ਗਈ। ਰੈਲੀ ਨੂੰ ਕੰਵਰਦੀਪ ਸਿੰਘ, ਪ੍ਰਤਾਪ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ ਧਾਮੀ ਨੇ ਸੰਬੋਧਨ ਕੀਤਾ।

