ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਗੇਟ ਰੈਲੀ
ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 30 ਦਸੰਬਰ
ਇਥੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਬਿਜਲੀ ਬੋਰਡ ਸੂਬਾ ਕਮੇਟੀ ਦੇ ਸੱਦੇ ’ਤੇ ਬਿਜਲੀ ਘਰ ਹਰਸ਼ਾ ਛੀਨਾ ਵਿੱਚ ਕਿਸਾਨਾਂ ਦੇ ਘੋਲ ਦੀ ਹਮਾਇਤ ਵਿੱਚ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ। ਆਗੂਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2022 ਰੱਦ ਕੀਤਾ ਜਾਵੇ, ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਕੇ ਪਹਿਲੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕੇਦਾਰੀ ਸਿਸਟਮ ਰੱਦ ਕੀਤਾ ਜਾਵੇ, ਪਹਿਲੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਰੈਲੀ ਨੂੰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ, ਸਬ ਡਵੀਜ਼ਨ ਪ੍ਰਧਾਨ ਜੁਗਰਾਜ ਸਿੰਘ ਛੀਨਾ, ਪਰਮਿੰਦਰ ਸਿੰਘ ਅਦਲੀਵਾਲ ਨੇ ਸੰਬੋਧਨ ਕੀਤਾ।