ਸੁਰਜੀਤ ਮਜਾਰੀ
ਬੰਗਾ, 9 ਜੁਲਾਈ
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈਆਂ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਯਾਦਗਾਰ ਹਾਲ ਖਟਕੜ ਕਲਾਂ ਵਿਚ ਕਨਵੈਨਸ਼ਨ ਕਰਵਾਈ ਗਈ, ਜਿਸ ਵਿੱਚ ਤੀਸਤਾ ਸੀਤਲਵਾੜ, ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ ਖ਼ਿਲਾਫ਼ ਅਤੇ ਜੇਲ੍ਹਾਂ ਵਿਚ ਬੰਦ ਹੋਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ। ਇਸ ਮੌਕੇ ਕਨਵੈਨਸ਼ਨ ਦੇ ਮੁੱਖ ਬੁਲਾਰੇ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਮਹਿਮੂਦਪੁਰ ਨੇ ਕਿਹਾ ਕਿ 2002 ਵਿਚ ਗੁਜਰਾਤ ਵਿਚ ਹੋਏ ਦੰਗੇ ਪੂਰੀ ਤਰ੍ਹਾਂ ਯੋਜਨਾਬੱਧ ਸਨ ਜਿਨ੍ਹਾਂ ਵਿਚ ਮੁਸਲਮਾਨ ਫਿਰਕੇ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਅਹਿਸਾਨ ਜਾਫਰੀ ਨੂੰ ਦੰਗਾਕਾਰੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਤੀਸਤਾ ਸੀਤਲਵਾੜ ਅਤੇ ਆਰ ਬੀ ਸ਼੍ਰੀ ਕੁਮਾਰ ਨੇ ਇਨਸਾਫ਼ ਪ੍ਰਾਪਤੀ ਲਈ ਸਾਥ ਦਿੱਤਾ। ਉਨ੍ਹਾਂ ਦੱਸਿਆ ਕਿ ਮੁਹੰਮਦ ਜ਼ੁਬੈਰ ਆਪਣੀ ਐਪ ਰਾਹੀਂ ਝੂਠੀਆਂ ਵੀਡੀਓ ਕਲਿੱਪਸ ਅਤੇ ਤਸਵੀਰਾਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆਉਂਦਾ ਸੀ। ਇਸ ਵੇਲੇ ਕਈ ਨਾਮਵਰ ਬੁੱਧੀਜੀਵੀ ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ, ਜਿਨ੍ਹਾਂ ਨੂੰ ਜ਼ਮਾਨਤਾਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ। ਇਸ ਕਰ ਕੇ ਇਸ ਖਿਲਾਫ਼ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਭਾਣਜਾ ਪ੍ਰੋ. ਜਗਮੋਹਨ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ, ਡੈਮੋਕਰੈਟਿਕ ਲਾਇਰਜ਼ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜ਼ਿਲ੍ਹਾ ਸਕੱਤਰ ਹਰਬੰਸ ਹੀਉਂ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾਈ ਆਗੂ ਸਤਪਾਲ ਸਲੋਹ, ਮਨਜੀਤ ਕੌਰ ਬੋਲਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ, ਟੀਐਸਯੂ ਦੇ ਆਗੂ ਨੰਦ ਲਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੱਚ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਤੀਸਤਾ ਸੀਤਲਵਾੜ, ਆਰ ਬੀ ਸ਼੍ਰੀਕੁਮਾਰ ਅਤੇ ਮੁਹੰਮਦ ਜ਼ੁਬੈਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਉੱਤੇ ਯੂਏਪੀਏ ਅਤੇ ਅਜਿਹੇ ਹੋਰ ਕਾਲੇ ਕਾਨੂੰਨਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ।