ਪੱਤਰ ਪ੍ਰੇਰਕ
ਫਿਲੌਰ, 14 ਮਈ
ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 800 ਤੋਂ ਵੱਧ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਸਥਾਨਕ ਮਹਾਰਾਜਾ ਰਣਜੀਤ ਸਿੰਘ ਕਿਲਾ ਅਤੇ ਨੂਰਮਹਿਲ ਸਰਾਂ ਦੀ ਵਿਰਾਸਤੀ ਸੈਰ ਕਰਵਾਈ ਗਈ। ਮਹਾਰਾਜਾ ਰਣਜੀਤ ਸਿੰਘ ਕਿਲਾ ਫਿਲੌਰ ਵਿੱਚ ਨੌਜਵਾਨ ਵੋਟਰਾਂ ਦੀ ਅਗਵਾਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐੱਸਡੀਐੱਮ ਫਿਲੌਰ ਅਮਨਪਾਲ ਸਿੰਘ ਵੱਲੋਂ ਕੀਤੀ ਗਈ ਜਦਕਿ ਨੂਰਮਹਿਲ ਸਰਾਂ ਦੀ ਵਿਰਾਸਤੀ ਸੈਰ ਮੌਕੇ ਵੋਟਰਾਂ ਦੀ ਅਗਵਾਈ ਲਈ ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹੈਰੀਟੇਜ ਪ੍ਰਮੋਟਰ ਹਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ। ਵੋਟਰਾਂ ਨੂੰ ਮਹਾਰਾਜਾ ਰਣਜੀਤ ਸਿੰਘ ਕਿਲੇ ਦੀ ਸੈਰ ਦੌਰਾਨ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਚੋਣਾਂ ਭਾਗ ਲੈਣ ਦਾ ਸੱਦਾ ਦਿੱਤਾ ਗਿਆ। ਸਥਾਨਕ ਕਿਲੇ ਦੇ ਆਡੀਟੋਰੀਅਮ ਵਿੱਚ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਵੋਟਰਾਂ ਦੇ ਨਾਮ ਵਿਸ਼ੇਸ਼ ਤੌਰ ’ਤੇ ਰਿਕਾਰਡ ਕੀਤਾ ਸੰਦੇਸ਼ ਵੀ ਸੁਣਾਇਆ ਗਿਆ। ਨੂਰਮਹਿਲ ਸਰਾਂ ਦੀ ਸੈਰ ਦੌਰਾਨ ਵੋਟਰਾਂ ਨੂੰ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।