ਨਿਜੀ ਪੱਤਰ ਪ੍ਰੇਰਕ
ਜਲੰਧਰ, 25 ਅਗਸਤ
ਜ਼ਿਲ੍ਹਾ ਜਲੰਧਰ ਵਿੱਚ ਝੋਨੇ ਹੇਠ 1.70 ਲੱਖ ਹੈਕਟੇਅਰ ਰਕਬਾ ਬੀਜਿਆ ਗਿਆ ਹੈ ਜਿਸ ਵਿੱਚੋਂ ਤਕਰੀਬਨ 22000 ਹੈਕਟੇਅਰ ਰਕਬੇ ਵਿੱਚ ਬਾਸਮਤੀ ਅਤੇ 1.48 ਲੱਖ ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਪਰਮਲ ਦੀਆਂ ਕਿਸਮਾਂ ਦੀ ਬਿਜਾਈ ਕੀਤੀ ਗਈ ਹੈ।ਇਸ ਬੀਜੇ ਗਏ ਰਕਬੇ ਵਿੱਚੋਂ ਤਕਰੀਬਨ 11.74 ਲੱਖ ਟਨ ਝੋਨੇ ਦੀ ਪੈਦਾਵਾਰ ਹੋਣ ਦੀ ਆਸ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਕੁਆਲਿਟੀ ਅਤੇ ਘੱਟ ਖਰਚੇ ਰਾਹੀਂ ਪੈਦਾਵਾਰ ਹਾਸਲ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ, ਸਮਾਜਿਕ ਦੂਰੀ ਅਤੇ ਸੈਨੀਟਾਈਜੇਸ਼ਨ ਆਦਿ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਕਿਸਾਨਾਂ ਨੂੰ ਮਿਲਣ।ਡਾ. ਸਿੰਘ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ 40 ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਬਿਜਵਾਏ ਗਏ ਹਨ, ਇਨ੍ਹਾਂ ਪ੍ਰਦਰਸ਼ਨੀ ਪਲਾਟ ਬੀਜਣ ਵਾਲੇ ਕਿਸਾਨਾਂ ਨੂੰ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਝੋਨੇ ਦੀ ਸਿੱਧੀ ਬਿਜਾਈ ਦੇ ਤਜ਼ਰਬਿਆਂ ਨੂੰ ਦੂਜੇ ਕਿਸਾਨਾਂ ਨਾਲ ਜ਼ਰੂਰ ਸਾਂਝਾ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ’ਤੇ ਬਗੈਰ ਲੋੜ ਤੋਂ ਖਾਦ ਜਾਂ ਦਵਾਈ ਦਾ ਇਸਤੇਮਾਲ ਨਾ ਕਰਨ।