ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਜੂਨ
ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਚੱਬੇਵਾਲ ਵਿੱਚ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਜ ਸ਼ਾਮ ਅਚਾਨਕ ਅੱਗ ਲੱਗ ਜਾਣ ਕਾਰਨ ਸਾਰੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਪਹਿਲਾਂ ਪਰਵਾਸੀ ਮਜ਼ਦੂਰਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਹੋਰ ਫ਼ੈਲਦੀ ਗਈ।
ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਜਿਸ ਮਗਰੋਂ ਫ਼ਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰੀਆਂ ਝੁੱਗੀਆਂ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀਆਂ ਸਨ। ਪਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਝੁੱਗੀਆਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।