ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਤੋਂ ਤੀਜਾ ਨਗਰ ਕੀਰਤਨ ਸਜਾਇਆ ਗਿਆ। ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਨੇ ਸੁਲਤਾਨਪੁਰ ਲੋਧੀ ਕਸਬੇ ਦੀ ਪਰਕਰਮਾ ਕੀਤੀ। ਨਗਰ ਕੀਰਤਨ ਦੌਰਾਨ ਹੀ ਦੌਰਾਨ ਪ੍ਰਧਾਨ ਮੰਤਰੀ ਨੇ ਜਿੱਥੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਅਵਤਾਰ ਪੁਰਬ ਦੀਆਂ ਵਧਾਈਆਂ ਦਿੱਤੀਆਂ ਉਥੇ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਿੱਥੇ ਇਸ ਐਲਾਨ ਦਾ ਸਵਾਗਤ ਕੀਤਾ ਉੱਥੇ ਉਨ੍ਹਾਂ ਨੇ ਇਸ ਨੂੰ ਕਿਸਾਨਾਂ ਦੀ ਜਿੱਤ ਐਲਾਨਿਆ। ਨਗਰ ਕੀਰਤਨ ਵਿੱਚ ਸੰਤ ਲੀਡਰ ਸਿੰਘ ਜੀ, ਸੰਤ ਅਮਰੀਕ ਸਿੰਘ ਖੁਖਰੈਣ, ਸੰਤ ਗੁਰਮੇਜ਼ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਧਾਰਮਿਕ ਸ਼ਖਸੀਅਤਾਂ ਨੇ ਹਿੱਸਾ ਲਿਆ। ਗੱਤਕਾ ਖਿਡਾਰੀਆਂ ਨੇ ਸਾਰੇ ਨਗਰ ਕੀਰਤਨ ਦੌਰਾਨ ਪੰਜਾਬ ਦੀ ਵਿਰਾਸਤੀ ਖੇਡ ਗੱਤਕੇ ਦੇ ਜ਼ੋਹਰ ਸੰਗਤਾਂ ਨੂੰ ਦਿਖਾਏ ਗਏ ਅਤੇ ਨਾਲ ਹੀ ਟਰਾਲੀ ਤੇ ਲਗਾਈ ਬੈਨਰ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਨਾ ਅੱਗ ਲਗਾੳੇਣ ਦੀ ਅਪੀਲ ਕੀਤੀ ਗਈ।