ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਅਪਰੈਲ
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੀਤੀ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਨਿੱਜੀਕਰਨ ਦੇ ਕੀਤੇ ਜਾ ਰਹੇ ਹੱਲੇ ਦਾ ਡੱਟਵਾ ਵਿਰੋਧ ਕੀਤਾ ਜਾਵੇਗਾ। ਇਸ ਕਨਵੈਸ਼ਨ ਦੀ ਪ੍ਰਧਾਨਗੀ ਮੋਰਚੇ ਦੇ ਸੂਬਾਈ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਲਕਾਰ ਸਿੰਘ ਵਲਟੋਹਾ, ਸੁਰਿੰਦਰ ਕਬੋਜ ਤੇ ਬਲਜੀਤ ਸਿੰਘ ਸਲਾਣਾ ਅਤੇ ਸੂਬਾ ਕੋ ਕਨਵੀਨਰਾਂ ਸੁਖਜਿੰਦਰ ਸਿੰਘ ਹਰੀਕਾ ਤੇ ਸੁਖਰਾਜ ਸਿੰਘ ਕਾਹਲੋ ਵੱਲੋਂ ਕੀਤੀ ਗਈ।
ਕਨਵੈਨਸ਼ਨ ਦੌਰਾਨ ਮੋਰਚੇ ਨੇ 18 ਅਪਰੈਲ ਨੂੰ ਵਫਦ ਦੇ ਰੂਪ ਵਿੱਚ ਸਿੱਖਿਆ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਕੇ ਰੋਸ ਪੱਤਰ ਦੇਣ ਦਾ ਫੈਸਲਾ ਕੀਤਾ। ਕਨਵੈਨਸ਼ਨ ਵਿੱਚ ਸਰਬਸਮੰਤੀ ਬਣੀ ਕਿ 29 ਅਪਰੈਲ ਨੂੰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ, ਮਈ ਦੇ ਦੂਜੇ ਹਫਤੇ ਚਾਰ ਕੈਬਨਿਟ ਮੰਤਰੀਆਂ ਨੂੰ ਰੋਸ ਪੱਤਰ ਦਿੱਤੇ ਜਾਣਗੇ ਅਤੇ ਪਹਿਲੀ ਜੂਨ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਸੂਬਾਈ ਧਰਨਾ ਦਿੱਤਾ ਜਾਵੇਗਾ।
ਕਨਵੈਨਸ਼ਨ ਦੇ ਸ਼ੁਰਆਤ ਵਿੱਚ ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਪ੍ਰਿੰਸੀਪਲ ਤਰਸੇਮ ਬਾਹੀਆ, ਮੁਲਾਜ਼ਮ ਆਗੂ ਰਮੇਸ਼ ਕੁਮਾਰ ਸ਼ਰਮਾ, ਮੁਲਾਜ਼ਮ ਤੇ ਕਿਸਾਨ ਆਗੂ ਦਾਤਾਰ ਸਿੰਘ ਸਮੇਤ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਕਰੋਨਾ ਕਾਰਨ ਮਾਰੇ ਗਏ ਅਧਿਆਪਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਕੀਤੀ ਗਈ ਅਤੇ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਪੂਰੀਆਂ ਤਨਖਾਹਾਂ ਦੇਣ ਅਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ
ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਬਦਲੀ ਪ੍ਰਕਿਰਿਆ ਬਹਾਨੇ ਸਕੂਲਾਂ ਵਿੱਚ ਖਾਲੀ ਅਸਾਮੀਆਂ ਦੇ ਕੀਤੇ ਜਾ ਰਹੇ ਖਾਤਮੇ ਨੂੰ ਪੁੱਠਾ ਗੇੜਾ ਦਿੱਤਾ ਜਾਵੇ। ਕਰੋਨਾ ਦੀ ਆੜ ਵਿੱਚ ਬੰਦ ਕੀਤੇ ਸਕੂਲਾਂ ਨੂੰ ਮੁੜ ਖੋਲ੍ਹਿਆ ਜਾਵੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।