ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਅਗਸਤ
‘ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਵਿੱਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਦਿਹਾਤੀ ਮਜ਼ਦੂਰ ਸਭਾ ਦੀ ਸਾਂਝੀ ਸੂਬਾਈ ਮੀਟਿੰਗ ਸਾਥੀ ਮਹੀਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਗਠਨਾਂ ਦੇ ਪ੍ਰਮੁੱਖ ਅਹੁਦੇਦਾਰ ਗੁਰਨਾਮ ਸਿੰਘ ਦਾਊਦ, ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਲਜਾਰ ਸਿੰਘ ਗੌਰੀਆ, ਲਖਵੀਰ ਸਿੰਘ ਲੌਂਗੋਵਾਲ, ਮੱਖਣ ਸਿੰਘ ਰਾਮਗੜ੍ਹ, ਮੁਕੇਸ਼ ਮਲੌਦ ਸ਼ਾਮਲ ਹੋਏ। ਮੀਟਿੰਗ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਕਿ ਬੇਜ਼ਮੀਨੇ-ਸਾਧਨਹੀਨ ਪੇਂਡੂ ਕਿਰਤੀਆਂ ਦੇ ਅਤਿ ਲੋੜੀਂਦੇ ਮੰਗਾਂ-ਮਸਲਿਆਂ ਦੇ ਯੋਗ ਹੱਲ ਪ੍ਰਤੀ ਪੰਜਾਬ ਦੀ ਮੌਜੂਦਾ ਸਰਕਾਰ ਦਾ ਰਵੱਈਆ ਵੀ ਪਿਛਲੀਆਂ ਸਰਕਾਰਾਂ ਦੇ ਡੰਗ ਟਪਾਊ ਵਤੀਰੇ ਨਾਲੋਂ ਵੱਖਰਾ ਨਹੀਂ ਹੈ। ਮੀਟਿੰਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੇ ਇਸ ਰਵੱਈਏ ਖਿਲਾਫ਼ ਤਿੱਖਾ ਸ਼ੰਘਰਸ਼ ਵਿੱਢਿਆ ਜਾਵੇਗਾ ਜਿਸ ਦੇ ਪਹਿਲੇ ਪੜਾਅ ਵਿੱਚ 8 ਅਗਸਤ ਨੂੰ ਡੀਸੀ ਦਫਤਰਾਂ ਅੱਗੇ ਧਰਨੇ ਲਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮਜ਼ਦੂਰ ਮੰਗਾਂ ਪ੍ਰਤੀ ਸਾਜ਼ਿਸ਼ੀ ਚੁਪ ਧਾਰੀ ਰੱਖੀ ਤਾਂ ਅਗਲੇਰੇ ਪੜਾਅ ਵਿੱਚ ਹੋਰ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।