ਹਤਿੰਦਰ ਮਹਿਤਾ
ਆਦਮਪੁਰ ਦੋਆਬਾ(ਜਲੰਧਰ), 26 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਜਲੰਧਰ ਲਈ ਲਾਏ ਇੰਚਾਰਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਾ. ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਨਗਰ ਨਿਗਮਾਂ ਵਿੱਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਇਕੋ ਥਾਂ ’ਤੇ ਅਰਜ਼ੀ ਦੇ ਕੇ ਮਿਲ ਸਕਣ।
ਨਗਰ ਨਿਗਮ ਜਲੰਧਰ ਵਿੱਚ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਸਬੰਧੀ ਖਾਕਾ ਤਿਆਰ ਕਰਨ ਅਤੇ ਇਸ ਨੂੰ ਪੂਰੇ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਿਗਮ ਕਮਿਸ਼ਨਰ ਨੂੰ ਇਸ ਸਬੰਧੀ ਸੰਭਾਵਨਾਵਾਂ ਤਲਾਸ਼ ਕੇ ਲੋਕਾਂ ਦੀ ਸਹੂਲਤ ਲਈ ਇਹ ਸਿਸਟਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਗਮ ਨਾਲ ਸਬੰਧਿਤ ਵੱਖ-ਵੱਖ ਸੇਵਾਵਾਂ ਲੈਣ ਲਈ ਲੋਕਾਂ ਨੂੰ ਵੱਖ-ਵੱਖ ਬ੍ਰਾਂਚਾਂ ਤੱਕ ਪਹੁੰਚ ਕਰਨੀ ਪੈਂਦੀ ਹੈ, ਜਿਸ ਦੇ ਬਦਲ ਵਜੋਂ ਉਨ੍ਹਾਂ ਨੂੰ ਹੁਣ ਸਿੰਗਲ ਵਿੰਡੋ ਸਿਸਟਮ ਰਾਹੀਂ ਇਕ ਕਾਊਂਟਰ ’ਤੇ ਹੀ ਲੋੜੀਂਦੀ ਸੇਵਾ ਲਈ ਅਰਜ਼ੀ ਦੇਣੀ ਪਵੇਗੀ ਜੋ ਨਿਗਮ ਵੱਲੋਂ ਸਮੇਂ ਸਿਰ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਬੰਧਿਤ ਬਿਨੈਕਾਰ ਨੂੰ ਮੁਹੱਈਆ ਕਰਵਾ ਦਿੱਤੀ ਜਾਵੇਗੀ। ਡਾ. ਨਿੱਝਰ ਨੇ ਇਸ ਸਬੰਧੀ ਜਲਦ ਤੋਂ ਜਲਦ ਅਮਲ ਸ਼ੁਰੂ ਕਰਦਿਆਂ ਇਹ ਸਿਸਟਮ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ।
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸ਼ਹਿਰ ’ਚ ਅਧੂਰੇ ਪਏ ਸੀਵਰੇਜ ਪ੍ਰਾਜੈਕਟ ਦਾ ਮਾਮਲਾ ਰੱਖਣ ’ਤੇ ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਪੂਰੀ ਤੇਜ਼ੀ ਲਿਆ ਕੇ ਘੱਟੋ-ਘੱਟ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵੱਲੋਂ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪੀ.ਏ.ਪੀ. ਚੌਕ ਤੋਂ ਅੰਮ੍ਰਿਤਸਰ ਵਾਲੇ ਪਾਸੇ ਨੂੰ ਬਣਨ ਵਾਲੇ ਫਲਾਈਓਵਰ ਦੇ ਪ੍ਰਾਜੈਕਟ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਗੱਲ ਕਰਨ ’ਤੇ ਡਾ.ਨਿੱਝਰ ਨੇ ਭਰੋਸਾ ਦੁਆਇਆ ਕਿ ਇਸ ਸਬੰਧੀ ਜਲਦ ਹੀ ਡਿਪਟੀ ਕਮਿਸ਼ਨਰ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਵਿੱਚ ਬੇਲੋੜੀ ਦੇਰੀ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਕੰਮਾਂ ਦਾ ਮਿਆਰ ਪੂਰਾ ਬਣਾ ਕੇ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਵਿਧਾਇਕ ਸ਼ੀਤਲ ਅੰਗੂਰਾਲ ਨੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗੱਲ ਰੱਖੀ, ਜਿਸ ’ਤੇ ਮੰਤਰੀ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ।