ਪੱਤਰ ਪ੍ਰੇਰਕ
ਟਾਂਡਾ, 18 ਜੁਲਾਈ
ਇਥੋਂ ਦੇ ਸਰਕਾਰੀ ਕਾਲਜ ਵਿੱਚ ਵੱਖ-ਵੱਖ ਖੇਡਾਂ ਲਈ ਵਧੀਆ ਖੇਡ ਮੈਦਾਨ ਬਣਾ ਕੇ ਖੇਡ ਪ੍ਰੇਮੀਆਂ ਨੂੰ ਤੋਹਫ਼ਾ ਦਿੱਤਾ ਜਾਵੇਗਾ। ਇਹ ਗੱਲ ਅੱਜ ਇਥੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਮੀਤ ਹੇਅਰ ਨੇ ਕਹੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਪਿੰਡ ਅਤੇ ਸ਼ਹਿਰ ਵਿੱਚ ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਇਥੇ ਬਣਨ ਵਾਲੇ ਸਿੰਥੈਟਿਕ ਐਥਲੈਟਿਕਸ ਟਰੈਕ ਨੂੰ ਦੋ ਦੀ ਬਜਾਏ ਛੇ ਲੇਨ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਕਾਲਜ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਵੱਲੋਂ ਇੱਕ ਮੰਗ-ਪੱਤਰ ਕੈਬਨਿਟ ਮੰਤਰੀ ਨੂੰ ਦਿੰਦਿਆਂ ਮੰਗ ਕੀਤੀ ਕਿ ਕਾਲਜ ਵਿਚ ਬੀਐਸਸੀ ਖੇਤੀਬਾੜੀ, ਐਮ ਏ ਪੰਜਾਬੀ ਦੇ ਕੋਰਸ ਸ਼ੁਰੂ ਕੀਤੇ ਜਾਣ ਅਤੇ ਬੀ ਐੱਸ ਸੀ ਮੈਡੀਕਲ/ਨਾਨ ਮੈਡੀਕਲ ਦੀਆਂ ਸੀਟਾਂ ਵਧਾਈਆਂ ਜਾਣ।