ਪੱਤਰ ਪ੍ਰੇਰਕ
ਦਸੂਹਾ, 17 ਜੂਨ
ਇਥੇ ਸ਼ਹਿਰ ’ਚ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਨਗਰ ਕੌਂਸਲ ਦਸੂਹਾ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ, ਮੀਤ ਪ੍ਰਧਾਨ ਚੰਦਰ ਸ਼ੇਖਰ ਬੰਟੀ, ਕਾਰਜਸਾਧਕ ਅਫਸਰ ਮਦਨ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਐੱਸਓ ਪ੍ਰਿਅੰਕਾ ਅਗਰਵਾਲ ਸਮੇਤ ਸਮੂਹ ਕੌਂਸਲਰਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾ ਸਦਕਾ ਇਲਾਕੇ ਦੇ ਲੋਕਾਂ ਨੂੰ ਵਧੀਆਂ ਦਫਤਰੀ ਸੇਵਾਵਾਂ ਪ੍ਰਦਾਨ ਕਰਨ ਲਈ 60 ਲੱਖ ਰੁਪਏ ਦੀ ਲਾਗਤ ਨਾਲ ਦਸੂਹਾ ਕੌਂਸਲ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ, ਜਿਸ ਵਿੱਚ ਲੋਕਾਂ ਲਈ ਖਾਸ ਸਹੂਲਤਾਂ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਮਾਰਤ ਦੀ ਉਸਾਰੀ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤਾਂ ਜਾਰੀ ਕੀਤੀਆਂ।
ਮਾਨ ਨੇ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਫਗਵਾੜਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸਤਿਸੰਗ ਭਵਨ ਮੌਲੀ ਤੋਂ ਪਿੰਡ ਮੌਲੀ ਤੱਕ ਸੜਕ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਮਾਨ ਨੇ ਦੱਸਿਆ ਕਿ 1.20 ਕਿਲੋਮੀਟਰ (ਬਾਰਾਂ ਸੌ ਮੀਟਰ) ਲੰਬੀ ਇਸ ਸੜਕ ਦੀ ਉਸਾਰੀ ਉਪਰ ਕਰੀਬ 30 ਲੱਖ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਭਵਨ ’ਚ ਆਉਣ ਜਾਣ ਵਾਲੀ ਸੰਗਤ ਤੇ ਪਿੰਡ ਵਾਸੀਆਂ ਨੂੰ ਇਸ ਸੜਕ ਦੀ ਉਸਾਰੀ ਨਾਲ ਕਾਫ਼ੀ ਰਾਹਤ ਮਿਲੇਗੀ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਰਾਹਤ ਦੇਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।