ਪੱਤਰ ਪ੍ਰੇਰਕ
ਜਲੰਧਰ, 28 ਸਤੰਬਰ
ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ 29 ਸਤੰਬਰ ਨੂੰ 24 ਘੰਟਿਆਂ ਲਈ ਨੈਸ਼ਨਲ ਹਾਈਵੇ `ਤੇ ਧਰਨਾ ਲਗਾਉਣ ਦਾ ਪ੍ਰੋਗਰਾਮ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੀਟਿੰਗ ਤੋਂ ਬਾਅਦ 3 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ। ਸਰਕਟ ਹਾਊਸ ਵਿੱਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਿਸਾਨ ਜੱਥੇਬੰਦੀਆਂ ਵਿੱਚ ਦੇਰ ਸ਼ਾਮ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸ੍ਰੀ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਵਿੱਚ 3 ਅਕਤੂਬਰ ਨੂੰ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਦਾ ਐਲਾਨ ਕਰਨਗੇ। ਇਸ ਸਮੇਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਹੈ ਤੇ ਕਿਸਾਨ 450 ਰੁਪਏ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭੋਗਪੁਰ ਅਤੇ ਫਗਵਾੜਾ ਸਮੇਤ ਸਾਰੀਆਂ ਖੰਡ ਮਿੱਲਾਂ 1 ਤੋਂ 15 ਨਵੰਬਰ ਤੱਕ ਚਾਲੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ, ਭੋਗਪੁਰ ਵਿੱਚ ਇੱਕ ਟਰਬਾਈਨ ਫੇਲ੍ਹ ਹੋ ਗਈ ਹੈ, ਜਿਸ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਸਰਕਾਰ ਫਗਵਾੜਾ ਖੰਡ ਮਿੱਲ ਨੂੰ ਮੁੜ ਚਾਲੂ ਕਰਨ ਦੇ ਮਾਮਲੇ `ਤੇ ਵੀ ਕੰਮ ਕਰ ਰਹੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਐਲਾਨੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਭੁਗਤਾਨ ਇੱਕ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਝੋਨੇ ਅਤੇ ਆਲੂਆਂ ਸਮੇਤ ਸਾਰੀਆਂ ਕਿਸਮਾਂ ਦੀਆਂ ਫਸਲਾਂ ਤੇ ਸਬਜ਼ੀਆਂ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾਵੇਗਾ।ਪਸ਼ੂਆਂ ਨੂੰ ਲੰਪੀ ਸਕਿਨ ਦੇ ਰੋਗ ਅਤੇ ਝੋਨਾ ਝੁਲਸਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਵਿਰੁੱਧ ਜਿੰਨੇ ਵੀ ਕੇਸ ਦਰਜ ਹੋਏ ਸਨ ਉਹ ਰੱਦ ਕਰਵਾਉਣ ਲਈ ਕਾਨੂੰਨੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸਾਨਾਂ ਵਿਰੁੱਧ ਕੋਈ ਐਫ.ਆਈ.ਆਰ ਦਰਜ ਹੋਵੇਗੀ ਤੇ ਨਾ ਹੀ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ ਦੁਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਮਹਿਲਾ ਕਿਸਾਨ ਆਗੂ ਬੀਬੀ ਰਾਜਵਿੰਦਰ ਕੌਰ ਹਰਸ਼ਿੰਦਰ ਸਿੰਘ, ਜੰਗਬੀਰ ਸਿੰਘ ਸਮੇਤ ਹੋਰ ਜੱਥੇਬੰਦੀਆਂ ਦੇ ਕਿਸਾਨ ਆਗੂ ਵੀ ਹਾਜ਼ਰ ਸਨ।