ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਜਨਵਰੀ
ਨਵ-ਨਿਯੁਕਤ ਰਿਜਨਲ ਪਾਸਪੋਰਟ ਅਫਸਰ (ਆਰਪੀਓ) ਸ਼੍ਰੀ ਸਤ ਪਾਲ ਨੇ ਅੱਜ ਜਲੰਧਰ ਦਫਤਰ ’ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸ੍ਰੀ ਸਤ ਪਾਲ ਨੇ ਕਿਹਾ ਕਿ ਇਕ ਚੰਗੇ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਰਿਜਨਲ ਪਾਸਪੋਰਟ ਦਫਤਰ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ, ਮੋਗਾ, ਗੁਰਦਾਸਪੁਰ ਜ਼ਿਲ੍ਹਿਆਂ ਅਤੇ ਪੁਲੀਸ ਜ਼ਿਲ੍ਹਾ ਬਟਾਲਾ ਦੇ ਬਿਨੈਕਾਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।