ਹਰਪ੍ਰੀਤ ਕੌਰ
ਹੁਸ਼ਿਆਰਪੁਰ, 16 ਜੂਨ
ਪੰਜਾਬ ਭਰ ਦੀਆਂ ਸਮੂਹ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਕੱਚੇ ਕਰਮਚਾਰੀਆਂ ਦੀ ਹੜਤਾਲ ਕਾਰਨ ਹਰ ਪਾਸੇ ਗੰਦਗੀ ਦੇ ਅੰਬਾਰ ਲੱਗ ਗਏ ਹਨ। ਆਊਟਸੋਰਸ ਸਫ਼ਾਈ ਕਰਮਚਾਰੀ, ਟਿਊਬਵੈੱਲ ਅਪਰੇਟਰ, ਸੀਵਰਮੈਨ ਅਤੇ ਹੋਰ ਵੱਖ-ਵੱਖ ਬਰਾਂਚਾਂ ਦੇ ਕਰਮਚਾਰੀ ਕਈ ਦਿਨਾਂ ਤੋਂ ਪੱਕੇ ਹੋਣ ਦੀ ਮੰਗ ਲਈ ਹੜਤਾਲ ’ਤੇ ਹਨ। ਸਫ਼ਾਈ ਕਰਮਚਾਰੀਆਂ ਨੇ ਆਪਣੇ ਝਾੜੂ ਸੁੱਟ ਕੇ ਫ਼ੈਸਲਾ ਲੈ ਲਿਆ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਹ ਸਫ਼ਾਈ ਨਹੀਂ ਕਰਨਗੇ। ਸਫ਼ਾਈ ਕਰਮਚਾਰੀਆਂ ਵੱਲੋਂ ਸਫ਼ਾਈ ਦਾ ਕੰਮ ਬੰਦ ਕਰ ਦੇਣ ਨਾਲ ਹੁਸ਼ਿਆਰਪੁਰ ਦੀਆਂ ਸਾਰੀਆਂ ਗਲੀਆਂ ਤੇ ਬਾਜ਼ਾਰਾਂ ’ਚ ਕੂੜੇ ਦੇ ਅੰਬਾਰ ਲੱਗ ਗਏ ਹਨ।
ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਜਥੇਬੰਦੀ ਦੀਆਂ ਸਰਕਾਰ ਨਾਲ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਹੈ ਅਤੇ ਜਲਦੀ ਹੀ ਇਸ ਦੇ ਹੱਲ ਹੋ ਜਾਣ ਦੀ ਆਸ ਹੈ।