ਮੁੱਖ ਮੰਤਰੀ ਨਾਲ 14 ਸਤੰਬਰ ਨੂੰ ਮੁੜ ਗੱਲਬਾਤ ਲਈ ਮਿਲਿਆ ਸੱਦਾ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਇਸੇ ਦੌਰਾਨ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ 2000 ਬੱਸਾਂ ਪਿਛਲੇ ਪੰਜ ਦਿਨਾਂ ਤੋਂ ਖੜ੍ਹੀਆਂ ਹਨ। ਉਧਰ, ਹੜਤਾਲ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 14 ਸਤੰਬਰ ਨੂੰ ਫਿਰ ਦੁਬਾਰਾ ਗੱਲਬਾਤ ਲਈ ਚੰਡੀਗੜ੍ਹ ਸੱਦਿਆ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਜਨਰਲ ਸਕੱਤਰ ਸੱਤਪਾਲ ਸਿੰਘ ਸੱਤਾ, ਚਾਨਣ ਸਿੰਘ, ਦਲਜੀਤ ਸਿੰਘ ਅਤੇ ਰਣਦੀਪ ਸਿੰਘ ਨੇ ਦੱਸਿਆ ਕਿ ਅੱਜ ਸਿਸਵਾਂ ਹਾਊਸ ਦੇ ਬਾਹਰ ਪ੍ਰਦਰਸ਼ਨ ਦੌਰਾਨ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਦੁਬਾਰਾ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਬਾਅਦ ਉਨ੍ਹਾਂ ਨੇ ਉਥੋਂ ਦਾ ਧਰਨਾ ਖ਼ਤਮ ਕਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਬੇਸ਼ੱਕ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਮਿਲਿਆ ਹੈ ਪਰ ਉਨ੍ਹਾਂ ਦੀ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਇਹ ਚੱਕਾ ਜਾਮ ਉਦੋਂ ਹੀ ਖੋਲ੍ਹਿਆ ਜਾਵੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ।
ਉਧਰ, ਸਰਕਾਰੀ ਬੱਸਾਂ ਦੀ ਹੜਤਾਲ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰ ਕੇ ਔਰਤ ਸਵਾਰੀਆਂ ਸਰਕਾਰੀ ਬੱਸਾਂ ਬੰਦ ਹੋਣ ਕਾਰਨ ਇਧਰ-ਉਧਰ ਭਟਕਦੀਆਂ ਨਜ਼ਰ ਆਈਆਂ। ਲੋਕਾਂ ਦਾ ਕਹਿਣਾ ਸੀ ਕਿ ਬੇਸ਼ੱਕ ਰੋਡਵੇਜ਼ ਅਤੇ ਪੀਆਰਟੀਸੀ ਕਾਮਿਆਂ ਦੀਆਂ ਮੰਗਾਂ ਜਾਇਜ਼ ਹਨ ਪਰ ਇਸ ਹੜਤਾਲ ਕਾਰਨ ਲੋਕ ਬਿਨਾਂ ਵਜ੍ਹਾ ਪ੍ਰੇਸ਼ਾਨ ਹੋ ਹਨ।