ਪੱਤਰ ਪ੍ਰੇਰਕ
ਸ਼ਾਹਕੋਟ, 30 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰਾਂ ਅੱਗੇ 26 ਨਵੰਬਰ ਨੂੰ ਅਣਮਿਥੇ ਸਮੇਂ ਲਈ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਜ਼ਿਲ੍ਹਾ ਕਮੇਟੀ ਜਲੰਧਰ ਨੇ ਪਿੰਡ ਰਾਜੇਵਾਲ ਵਿਚ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਰਾਮੇ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਧਰਨੇ ਦੀ ਹੁਣ ਤੱਕ ਕੀਤੀ ਤਿਆਰੀ ਦਾ ਜਾਇਜ਼ਾ ਲਿਆ। ਉਪਰੰਤ ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਣਮਿੱਥੇ ਸਮੇਂ ਲਈ ਲਗਾਏ ਜਾ ਰਹੇ ਧਰਨਿਆਂ ਦੀਆਂ ਸੂਬੇ ਅੰਦਰ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਧਰਨੇ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੀਤੀਆਂ ਜਾ ਰਹੀਆਂ ਕੁਰਕੀਆਂ ਨੂੰ ਰੁਕਵਾਉਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਉੱਪਰ ਦਰਜ ਕੀਤੇ ਝੂਠੇ ਮੁਕੱਦਮਿਆਂ ਨੂੰ ਰੱਦ ਕਰਵਾਉਣ, ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਆਦਿ ਮੰਗਾਂ ਲਈ ਲਗਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਜਗਦੀਸ਼ਪਾਲ ਸਿੰਘ, ਬਲਜਿੰਦਰ ਸਿੰਘ ਰਾਜੇਵਾਲ ਅਤੇ ਗੁਰਪਾਲ ਸਿੰਘ ਈਦਾ ਮੌਜੂਦ ਸਨ।