ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਸਤੰਬਰ
ਕਮਿਸ਼ਨਰੇਟ ਪੁਲੀਸ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਣ ਵਾਲਾ ਤੀਜਾ ਮੁਲਜ਼ਮ ਵੀ ਕਾਬੂ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਕਾਰਵਾਈ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਗਿਆ।
ਸੀਨੀਅਰ ਪੁਲੀਸ ਅਧਿਕਾਰੀਆਂ ਜਸਕਿਰਨਜੀਤ ਸਿੰਘ ਤੇਜਾ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਵਿਦੇਸ਼ ਰਹਿੰਦੇ ਖਾਲਿਸਤਾਨੀ ਸਮਰਥਕਾਂ ਨਾਲ ਮਿਲ ਕੇ ਬੀ.ਐੱਮ.ਸੀ. ਚੌਕ ਵਿੱਚ ਲੱਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਖਾਲਿਸਤਾਨ ਜ਼ਿੰਦਾਬਾਦ ਲਿਖ ਕੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਪੁਲੀਸ ਟੀਮਾਂ ਬਣਾਈਆਂ ਗਈਆਂ ਸਨ। ਦੋ ਮੁਲਜ਼ਮਾਂ ਰਮਨ ਉਰਫ ਸੋਨੂੰ ਤੇ ਸੈਮ ਮਸੀਹ ਨੂੰ ਤਾਂ 6 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਹੁਣ ਤੀਜੇ ਮੁਲਜ਼ਮ ਲਖਵਿੰਦਰ ਸਿੰਘ ਉਰਫ ਹਰਗੁਣ ਸਿੰਘ ਵਾਸੀ ਇਸ਼ਵਰ ਨਗਰ, ਤਰਨ-ਤਾਰਨ ਰੋਡ, ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।