ਪਾਲ ਸਿੰਘ ਨੌਲੀ
ਜਲੰਧਰ, 24 ਫਰਵਰੀ
ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 27 ਫਰਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ’ਤੇ ਸ੍ਰੀ ਗੁਰੂ ਰਵੀਦਾਸ ਦਾ 645ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸੰਯੁਕਤ ਮੋਰਚਾ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟ, ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੰਦੀਪ ਸ਼ਰਮਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਦੇ 27 ਫਰਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਉਸ ਦਿਨ ਦਿੱਲੀ ਨਹੀਂ ਜਾ ਸਕਦੇ ਤਾਂ ਉਹ ਜਿੱਥੇ-ਜਿੱਥੇ ਵੀ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਨਗਰ ਕੀਰਤਨ ਤੇ ਸੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਉਥੇ-ਉਥੇ ਵੱਡੀ ਪੱਧਰ ’ਤੇ ਕਿਸਾਨ ਸ਼ਾਮੂਲੀਅਤ ਕਰਨ।